Wednesday, December 31, 2025

‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਸਿੱਖ ਵਿਦਵਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੁਆਰਾ ਰਚਿਤ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਸੰਗਤ ਅਰਪਣ ਕੀਤੀ ਗਈ।ਇਹ ਪੁਸਤਕ ਖ਼ਾਲਸਾ ਪ੍ਰਚਾਰਕ ਜਥਾ ਯੂਕੇ ਵੱਲੋਂ ਪ੍ਰਕਾਸਿਤ ਕੀਤੀ ਗਈ ਹੈ।
ਪੁਸਤਕ ਜਾਰੀ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਗੁਰਬਾਣੀ ਤੇ ਸਿੱਖ ਇਤਿਹਾਸ ਦੀ ਕਥਾ ਰਾਹੀਂ ਸੰਗਤਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਆਪਣੀਆਂ ਲਿਖਤਾਂ ਨਾਲ ਵੀ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡੀਆਂ ਸੇਵਾਵਾਂ ਨਿਭਾਅ ਰਹੇ ਹਨ।ਇਨ੍ਹਾਂ ਵੱਲੋਂ ਪਹਿਲਾਂ ਲਿਖੀਆਂ ਪੁਸਤਕਾਂ ਵਿਚ ‘ਦਰਪਣ ਸਿੱਖ ਰਹਿਤ ਮਰਯਾਦਾ, ਬਾਦਸ਼ਾਹ ਦਰਵੇਸ਼, ਗੁਰੂ ਨਾਨਕ ਉਦਾਸੀ ਦਰਪਣ, ਜ਼ਫ਼ਰਨਾਮਾ ਦਰਪਣ’ ਸਮੇਤ ਹੋਰ ਪੁਸਤਕਾਂ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਗਿਆਨੀ ਗੁਲਸ਼ਨ ਦੀ ਲੇਖਣੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਅਤੇ ਗੁਰਮਤਿ ਸਿਧਾਂਤਾਂ ਨੂੰ ਪ੍ਰਣਾਈ ਹੋਈ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਵੱਲੋਂ ਲਿਖੀ ਗਈ ਇਹ ਪੁਸਤਕ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਦਾ ਵੱਡਾ ਉਪਰਾਲਾ ਹੈ ।
ਇਸੇ ਦੌਰਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਨੇ ਖ਼ਾਲਸਾ ਪ੍ਰਚਾਰਕ ਜਥਾ ਯੂਕੇ ਵੱਲੋਂ 1500 ਡਾਲਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪੇ ਗਏ।ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਨੂੰ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਾਬਕਾ ਸਕੱਤਰ ਵਰਿਆਮ ਸਿੰਘ ਤੇ ਜਗਜੀਤ ਸਿੰਘ ਜੱਗੀ, ਮੈਨੇਜਰ ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਜਤਿੰਦਰ ਸਿੰਘ ਅਤੇ ਹੋਰ ਮੌਜੂਦ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …