ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀ ਕੀਤਾ ਪ੍ਰਣਾਮ

ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ।ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਮਾਤਾ ਗੁਜ਼ਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿਨ-ਕੋਟਿ ਪ੍ਰਣਾਮ ਕਰਦਿਆਂ ਧਰਮ, ਕੌਮ ਅਤੇ ਮਜ਼ਲੂਮਾਂ ਦੀ ਰੱਖਿਆ ਲਈ ਦਿੱਤੀ ਕੁਰਬਾਨੀ ਨੂੰ ਵੀ ਯਾਦ ਕੀਤਾ ਗਿਆ।
ਧਾਰਮਿਕ ਸਮਾਗਮ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਉਪਰੰਤ ਸਮੂਹ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਾਤ-ਪਾਤ ਦੇ ਭੇਦਭਾਵ ਨੂੰ ਖ਼ਤਮ ਕਰਕੇ ਬਰਾਬਰੀ ਦੀ ਸ਼ੁਰੂਆਤ ਕੀਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੁਆਰਾ ਦੇਸ਼ ਕੌਮ ਲਈ ਦਿੱਤੀ ਗਈ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਕਲਗੀਧਰ ਪਿਤਾ ਨੇ ਜ਼ੁਲਮ ਦੇ ਖਾਤਮੇ ਅਤੇ ਕੌਮ ਦੀ ਰੱਖਿਆ ਲਈ ਜ਼ਾਲਮ ਮੁਗਲਾਂ ਨਾਲ ਟਾਕਰਾ ਲੈਂਦਿਆਂ ਆਪਣਾ ਸਰਬੰਸ ਵਾਰ ਦਿੱਤਾ ਸੀ।
ਇਸ ਤੋਂ ਪਹਿਲਾਂ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅੱਜ ਕਾਲਜ ਦੇ ਗੁਰਮਤਿ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਵੱਲੋਂ ‘ਤਹੀ ਪ੍ਰਕਾਸ਼ ਹਮਾਰਾ ਭਯੋ, ਪਟਨਾ ਸਹਰ ਵਿਖੈ ਭਾਵ ਲਯੋ ‘ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ’, ‘ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ’, ‘ਮਿੱਤਰ ਪਿਆਰੇ ਨੂੰ ਹਾਲ ਮਰੀਦਾਂ ਦਾ ਕਹਿਣਾ’ ਸ਼ਬਦ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।ਛੀਨਾ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ਅਤੇ ਉਪਦੇਸ਼ਾਂ ਨੂੰ ਅਪਨਾ ਕੇ ਸਵੈਮਾਨ ਨਾਲ ਜੀਉਣ ਲਈ ਪ੍ਰੇਰਿਤ ਕੀਤਾ, ਕਿਉਂਕਿ ਉਨ੍ਹਾਂ ਦਾ ਜੀਵਨ, ਇਤਿਹਾਸ ਅਤੇ ਸਿੱਖਿਆਵਾਂ ਵਿਸ਼ਵ ਭਰ ਲਈ ਪ੍ਰੇਰਣਾਦਾਇਕ ਹੈ।
ਸਿੱੱ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਦੇ ਨਾਲ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਸਬੰਧੀ ਵੀ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।ਸ: ਛੀਨਾ ਨੇ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਰਮਿੰਦਰ ਕੌਰ, ਖਾਲਸਾ ਯੂਨੀਵਰਸਿਟੀ ਦੇ ਰਿਸਰਚ ਡੀਨ ਡਾ. ਆਰ.ਕੇ ਧਵਨ, ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਘੁੱਗ (ਜਲੰਧਰ) ਪ੍ਰਿੰਸੀਪਲ ਪਰਮਜੀਤ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Punjab Post Daily Online Newspaper & Print Media