ਮਾਨਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੀ ਸ਼ਿਰਕਤ ਨਾਲ ਕਾਨਵੋਕੇਸ਼ਨ ਦੇ ਪਲ ਬਣੇ ਇਤਿਹਾਸਕ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੀ 50ਵੀਂ ਗੋਲਡਨ ਜੁਬਲੀ ਕਨਵੋਕੇਸ਼ਨ ਵੱਡੇ ਉਤਸ਼ਾਹ ਅਤੇ ਅਕਾਦਮਿਕ ਸ਼ਾਨ ਨਾਲ ਸਫਲਤਾਪੂਰਵਕ ਆਯੋਜਿਤ ਕੀਤੀ। ਇਹ ਇਤਿਹਾਸਕ ਅਕਾਦਮਿਕ ਜਸ਼ਨ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ।
ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਪ੍ਰੇਰਨਾਦਾਇਕ ਸੰਬੋਧਨ ਨਾਲ ਵਿਦਿਆਰਥੀਆਂ ਨੂੰ ਰਾਸ਼ਟਰ ਸੇਵਾ, ਨਵੀਨਤਾ ਅਤੇ ਨੈਤਿਕ ਮੁੱਲਾਂ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਗੁਲਾਬ ਚੰਦ ਕਟਾਰੀਆ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਸਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇਸ ਮੌਕੇ ਮੰਚ ਉੱਪਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਮਾਨਯੋਗ ਰਾਸ਼ਟਰਪਤੀ ਅਤੇ ਗਵਰਨਰ ਪੰਜਾਬ ਸਮੇਤ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਸ਼ੇਸ਼ ਮਹਿਮਾਨਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਯੂਨੀਵਰਸਿਟੀ ਦੀ 56 ਸਾਲਾਂ ਦੀ ਗੌਰਵਮਈ ਵਿਰਾਸਤ, ਅਕਾਦਮਿਕ ਪ੍ਰਾਪਤੀਆਂ ਅਤੇ ਸਿੱਖਿਆ, ਖੋਜ ਤੇ ਨਵੀਨਤਾ ਵਿੱਚ ਉੱਤਮਤਾ ਪ੍ਰਤੀ ਵਚਨਬੱਧਤਾ ਬਾਰੇ ਵਿਸਥਾਰ ਨਾਲ ਦੱਸਿਆ।
ਇਸ ਯਾਦਗਾਰ ਮੌਕੇ ਯੂਨੀਵਰਸਿਟੀ ਵੱਲੋਂ ਦੋ ਪ੍ਰਸਿੱਧ ਸ਼ਖਸੀਅਤਾਂ ਨੂੰ ਆਨਰੇਰੀ ਡਾਕਟਰੇਟ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਇਹਨਾਂ ਵਿੱਚ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ (ਦੂਰਦਰਸ਼ੀ ਉਦਯੋਗਪਤੀ ਅਤੇ ਸਮਾਜ ਸੇਵੀ), ਜਿਨ੍ਹਾਂ ਨੇ ਸਮਾਜ ਅਤੇ ਰਾਸ਼ਟਰ ਨਿਰਮਾਣ ਵਿੱਚ ਅਸਾਧਾਰਨ ਯੋਗਦਾਨ ਪਾਇਆ ਅਤੇ ਜਸਵੀਰ ਗਿੱਲ ਸੀ.ਈ.ਓ ਅਲਰਟ ਐਂਟਰਪ੍ਰਾਈਜ਼ ਇੰਕ ਕੈਲੀਫੋਰਨੀਆ (ਯੂ.ਐਸ.ਏ), ਜਿਨ੍ਹਾਂ ਨੇ ਟੈਕਨਾਲੋਜੀ ਖੇਤਰ ਵਿੱਚ ਵਿਸ਼ਵ ਪੱਧਰੀ ਅਗਵਾਈ ਕੀਤੀ।ੲਸ ਮੌਕੇ 17 ਮੈਡਲ, 176 ਯੂ.ਜੀ\ਪੀ.ਜੀ ਡਿਗਰੀਆਂ ਅਤੇ 258 ਪੀ.ਐਚ.ਡੀ ਡਿਗਰੀਆਂ ਵੰਡੀਆਂ ਗਈਆਂ।ਵਿਸ਼ੇਸ਼ ਹਸਤੀਆਂ ਵਿੱੱਚ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਐਮ.ਪੀ ਗੁਰਜੀਤ ਸਿੰਘ ਔਜਲਾ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੁਰ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਜ ਉਸ ਯੂਨੀਵਰਸਿਟੀ ਵਿੱਚ ਆਉਣ ਦਾ ਮੌਕਾ ਮਿਲਿਆ ਹੈ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500ਵੇਂ ਪ੍ਰਕਾਸ਼ ਪੁਰਬ ਮੌਕੇ ਸਥਾਪਿਤ ਹੋਈ ਸੀ ਅਤੇ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਅੱਜ ਵੀ ਇਸਦਾ ਸਥਾਈ ਮਾਰਗਦਰਸ਼ਕ ਹਨ। ਰਾਸ਼ਟਰਪਤੀ ਨੇ ਯਾਦ ਕਰਵਾਇਆ ਕਿ ਗੁਰੂ ਨਾਨਕ ਦੇਵ ਜੀ ਨੇ ਜੀਵਨ ਦੇ ਸਾਰੇ ਖੇਤਰਾਂ ਵਿ ੱਚ ਔਰਤਾਂ ਲਈ ਬਰਾਬਰੀ ਦਾ ਸੰਦੇਸ਼ ਦਿੱਤਾ ਸੀ।ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਸਰਗਰਮ ਯਤਨਾਂ `ਤੇ ਵਿਸ਼ੇਸ਼ ਮਾਣ ਪ੍ਰਗਟ ਕੀਤਾ ।
ਉਨ੍ਹਾਂ ਜ਼ੋਰ ਦਿੱਤਾ ਕਿ ਔਰਤਾਂ ਨੂੰ ਬੇਝਿਜਕ ਵਿਸ਼ਵਾਸ ਨਾਲ ਅੱਗੇ ਵਧਣ ਲਈ ਸਸ਼ਕਤ ਬਣਾਉਣਾ ਸਮਾਜਿਕ ਸਦਭਾਵਨਾ ਅਤੇ ਰਾਸ਼ਟਰੀ ਜੀਵਨਤਾ ਲਈ ਜ਼ਰੂਰੀ ਹੈ ਅਤੇ ਸਾਰਿਆਂ ਨੂੰ ਇਸ ਮੁਹਿੰਮ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ।ਉਨ੍ਹਾਂ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਇਸ ਦੀ ਸਫਲਤਾ ਦਾ ਸਿਹਰਾ ਅਧਿਆਪਕਾਂ, ਵਿਦਿਆਰਥੀਆਂ ਅਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੂੰ ਦਿੱਤਾ।ਉਨ੍ਹਾਂ ਵਿਦਿਆਰਥਣਾਂ ਦੀ ਵਧ ਗਿਣਤੀ ਅਤੇ ਉਨ੍ਹਾਂ ਦੀ ਵਧੀਆ ਪ੍ਰਦਰਸ਼ਨ `ਤੇ ਵਿਸ਼ੇਸ਼ ਖੁਸ਼ੀ ਜ਼ਾਹਰ ਕੀਤੀ।
ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੇ ਸੰਬੋਧਨ ਵਿੱਚ ਇਸ ਗੋਲਡਨ ਜੁਬਲੀ ਕਾਨਵੋਕੇਸ਼ਨ ਨੂੰ ਸਿੱੱਖਿਆ ਖੇਤਰ ਲਈ ਵੱਡੀ ਖੁਸ਼ਕਿਸਮਤੀ ਦੱਸਿਆ ਕਿ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣਾ ਸਮਰਪਣ, ਪ੍ਰਤਿਭਾ ਅਤੇ ਸਥਿਰਤਾ ਨਾਲ ਗ੍ਰੈਜੂਏਟਾਂ ਨੂੰ ਅਸੀਸਾਂ ਦਿੱਤੀਆਂ।ਉਨ੍ਹਾਂ ਯੂਨੀਵਰਸਿਟੀ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਦੇ ਪਹਿਲੇ ਰਾਸ਼ਟਰਪਤੀ ਸ਼੍ਰੀ ਵੀ.ਵੀ ਗਿਰੀ ਵਲੋਂ ਯੂਨੀਵਰਸਿਟੀ ਦਾ ਨੀਹ ਪੱਥਰ ਰੱਖਿਆ ਗਿਆ ਸੀ ਅਤੇ ਅੱਜ 50ਵੀਂ ਕਾਨਵੋਕੇਸ਼ਨ ਮੌਕੇ ਮੌਜ਼ੂਦਾ ਮਾਨਯੋਗ ਰਾਸ਼ਟਰਪਤੀ ਸਾਡੇ ਹਾਜ਼ਰ ਹਨ, ਇਹ ਵੀ ਇਕ ਇਤਿਹਾਸਕ ਪਲ ਹੈ।ਉਨ੍ਹਾਂ ਯੂਨੀਵਰਸਿਟੀ ਦੇ 50 ਸਾਲਾਂ ਦੇ ਸਫਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਨੇ ਹੁਣ ਤੱਕ 16 ਲੱਖ ਗਰਜੂਏਟ ਤੇ 13 ਲੱਖ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਅਤੇ 3900 ਪੀਐਚ.ਡੀ ਹੋਲਡਰ ਸ਼ਾਮਲ ਹਨ ਜੋ ਦੇਸ਼-ਵਿਦੇਸ਼ ਵਿੱਚ ਸੇਵਾ ਕਰ ਰਹੇ ਹਨ।
ਸਮਾਗਮ ਵਿੱਚ ਪ੍ਰੋ. ਐਚ.ਐਸ ਸੈਣੀ (ਡੀਨ ਅਕੈਡਮਿਕ ਅਫੇਅਰਜ਼), ਪ੍ਰੋ. ਕੇ.ਐਸ ਚਾਹਲ (ਰਜਿਸਟਰਾਰ), ਸੀਨੀਅਰ ਅਧਿਕਾਰੀ, ਅਧਿਆਪਕ ਅਤੇ ਵੱਡੀ ਗਿਣਤੀ ‘ਚ ਮਹਿਮਾਨ ਸ਼ਾਮਲ ਹੋਏ।ਮਾਣਯੋਗ ਰਾਸ਼ਟਰਪਤੀ ਨੇ ਮੈਰਿਟ ਵਾਲੇ ਵਿਦਿਆਰਥੀਆਂ ਨੂੰ ਗੋਲਡ ਮੈਡਲ ਵੰਡੇ ਅਤੇ ਉਨ੍ਹਾਂ ਦੀ ਉਤਮਤਾ, ਸਮਰਪਣ ਅਤੇ ਅਟੱਲਤਾ ਦਾ ਜਸ਼ਨ ਮਨਾਇਆ।
Punjab Post Daily Online Newspaper & Print Media