Friday, April 10, 2026

ਅਮਰੀਕਾ ਨਾਲ ਟ੍ਰੇਡ ਡੀਲ ’ਤੇ ਕਿਸਾਨਾਂ ਅਤੇ ਆਮ ਨਾਗਰਿਕਾਂ ਦੇ ਹਿਤਾਂ ਨਾਲ ਸਮਝੌਤਾ ਕਬੂਲ ਨਹੀਂ – ਔਜਲਾ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਗਈ ਟ੍ਰੇਡ ਡੀਲ ਨੂੰ ਲੈ ਕੇ ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ।ਸੰਸਦ ਦੇ ਬਾਹਰ ਕਾਂਗਰਸ ਆਗੂਆਂ ਨਾਲ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਮਝੌਤਾ ਸਿਰਫ਼ ਇੱਕ ਆਰਥਿਕ ਕਰਾਰ ਨਹੀਂ, ਸਗੋਂ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਆਮ ਨਾਗਰਿਕਾਂ ਦੇ ਭਵਿੱਖ ਨਾਲ ਜੁੜਿਆ ਗੰਭੀਰ ਮਸਲਾ ਹੈ।ਔਜਲਾ ਨੇ ਦੋਸ਼ ਲਗਾਇਆ ਕਿ ਇਸ ਡੀਲ ਵਿੱਚ ਦੇਸ਼ ਦੇ ਅੰਨਦਾਤਿਆਂ ਅਤੇ ਮੱਧ ਵਰਗ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ, ਜੋ ਬਹੁਤ ਚਿੰਤਾਜਨਕ ਹੈ।ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਸਰਕਾਰ ਨੂੰ ਕਿਸੇ ਵੀ ਅੰਤਰਰਾਸ਼ਟਰੀ ਸਮਝੌਤੇ ਤੋਂ ਪਹਿਲਾਂ ਦੇਸ਼ ਦੀ ਅੰਦਰੂਨੀ ਆਰਥਿਕ ਹਾਲਤ, ਖੇਤੀਬਾੜੀ ਖੇਤਰ ਦੀ ਮਜ਼ਬੂਤੀ ਅਤੇ ਛੋਟੇ ਉਦਯੋਗਾਂ ਦੀ ਸੁਰੱਖਿਆ ਨੂੰ ਪਹਿਲ ਦੇਣੀ ਚਾਹੀਦੀ ਸੀ। ਪਰ ਮੌਜ਼ੂਦਾ ਹਾਲਾਤਾਂ ਨੂੰ ਵੇਖਦੇ ਹੋਏ ਐਸਾ ਲੱਗਦਾ ਹੈ ਕਿ ਸਰਕਾਰ ਨੇ ਵਿਦੇਸ਼ੀ ਦਬਾਅ ਅਤੇ ਕਾਰਪੋਰੇਟ ਹਿੱਤਾਂ ਨੂੰ ਤਰਜ਼ੀਹ ਦਿੱਤੀ ਹੈ।ਉਨ੍ਹਾਂ ਕਿਹਾ ਕਿ ਜੇ ਇਸ ਡੀਲ ਕਾਰਨ ਖੇਤੀਬਾੜੀ ਉਤਪਾਦਾਂ ਦੇ ਆਯਾਤ ਵਿੱਚ ਵਾਧਾ ਹੁੰਦਾ ਹੈ ਜਾਂ ਘਰੇਲੂ ਬਾਜ਼ਾਰ ’ਤੇ ਨਕਾਰਾਤਮਕ ਅਸਰ ਪੈਂਦਾ ਹੈ, ਤਾਂ ਇਸ ਦਾ ਸਿੱਧਾ ਨੁਕਸਾਨ ਭਾਰਤੀ ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਝੱਲਣਾ ਪਵੇਗਾ।ਔਜਲਾ ਨੇ ਕਿਸਾਨਾਂ ਵੱਲੋਂ ‘ਭਾਰਤ ਬੰਦ’ ਦੇ ਸੱਦੇ ਨੂੰ ਵਧ ਰਹੀ ਨਾਰਾਜ਼ਗੀ ਦਾ ਪ੍ਰਤੀਕ ਦੱਸਿਆ।ਸਰਕਾਰ ਨੂੰ ਟਕਰਾਅ ਦੀ ਰਾਜਨੀਤੀ ਛੱਡ ਕੇ ਕਿਸਾਨ ਸੰਗਠਨਾਂ ਨਾਲ ਖੁੱਲ੍ਹੀ ਅਤੇ ਪਾਰਦਰਸ਼ੀ ਗੱਲਬਾਤ ਕਰਨੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਅੱਜ ਸੰਸਦ ਭਵਨ ਦੇ ਮਕਰ ਦਵਾਰ ’ਤੇ ਵਿਰੋਧੀ ਸੰਸਦ ਮੈਂਬਰਾਂ ਨੇ ਇਸ ਮਸਲੇ ’ਤੇ ਸ਼ਾਂਤੀਪੂਰਵਕ ਢੰਗ ਨਾਲ ਵਿਰੋਧ ਦਰਜ ਕਰਵਾਇਆ ਅਤੇ ਜਨਹਿਤ ਦੀ ਆਵਾਜ਼ ਬੁਲੰਦ ਕੀਤੀ।ਔਜਲਾ ਨੇ ਕਿਹਾ ਕਿ ਭਾਰਤ ਇੱਕ ਮਜ਼ਬੂਤ ਅਤੇ ਆਤਮਨਿਰਭਰ ਰਾਸ਼ਟਰ ਹੈ ਅਤੇ ਇੱਥੇ ਦੀਆਂ ਆਰਥਿਕ ਨੀਤੀਆਂ ਰਾਸ਼ਟਰੀ ੱਿਹੱਤ, ਕਿਸਾਨ ਸਨਮਾਨ ਅਤੇ ਆਮ ਜਨਤਾ ਦੀ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਤੈਅ ਹੋਣੀਆਂ ਚਾਹੀਦੀਆਂ ਹਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …