Thursday, March 5, 2026

ਭਾਰਤ ਦੇ ਵਿਸ਼ਾਲ ਬਾਜ਼ਾਰ ਵਿੱਚ ਅਮਰੀਕੀ ਖੇਤੀ ਉਤਪਾਦਾਂ ਦੀ ਬਰਾਮਦ ਵਧਾਏਗਾ ਭਾਰਤ-ਅਮਰੀਕਾ ਵਪਾਰ ਸਮਝੌਤਾ – ਸੰਧਵਾਂ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਦੇਸ਼ ਵਿਰੋਧੀ ਐਲਾਨਦਿਆਂ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਅਤੇ ਭਾਰਤ ਦੀ ਖੇਤੀਬਾੜੀ ਨੂੰ ਅਮਰੀਕਾ ਕੋਲ ਵੇਚਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।ਅੰਮ੍ਰਿਤਸਰ ਵਿਖੇ ਇੱਕ ਨਿੱਜੀ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਜੇ ਅਮਰੀਕਾ ਤੋਂ ਸਸਤਾ ਦੁੱਧ ਪਾਊਡਰ, ਪਨੀਰ, ਅਨਾਜ ਅਤੇ ਹੋਰ ਖੇਤੀ ਉਤਪਾਦ ਘੱਟ ਕੀਮਤਾਂ ’ਤੇ ਭਾਰਤ ਵਿੱਚ ਆਉਣੇ ਸ਼ੁਰੂ ਹੋ ਗਏ ਤਾਂ ਪੰਜਾਬ ਦਾ ਕਿਸਾਨ ਕਿੱਧਰ ਜਾਵੇਗਾ।ਉਹਨਾਂ ਕਿਹਾ ਕਿ ਪੰਜਾਬ ਦਾ ਕਿਸਾਨ ਕਈ ਦਹਾਕਿਆਂ ਤੋਂ ਕਣਕ ਅਤੇ ਝੋਨੇ ਰਾਹੀਂ ਭਾਰਤ ਦੇ ਰਾਸ਼ਟਰੀ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ।
ਸਪੀਕਰ ਸੰਧਵਾਂ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਭਾਰਤ ਦੇ ਹਿੱਤ ਵੇਚ ਦਿੱਤੇ ਹਨ।ਉਹਨਾਂ ਕਿਹਾ ਕਿ ਇਹ ਸਮਝੌਤਾ ਭਾਰਤ ਦੇ ਵਿਸ਼ਾਲ ਬਾਜ਼ਾਰ ਵਿੱਚ ਅਮਰੀਕੀ ਖੇਤੀ ਉਤਪਾਦਾਂ ਦੀ ਬਰਾਮਦ ਵਧਾਏਗਾ, ਅਮਰੀਕੀ ਕੀਮਤਾਂ ਨੂੰ ਉੱਚਾ ਚੱਕੇਗਾ, ਅਮਰੀਕਾ ਵਿੱਚ ਨਕਦੀ ਪਹੁੰਚਾਏਗਾ ਅਤੇ ਅਮਰੀਕੀ ਆਰਥਿਕਤਾ ਨੂੰ ਮਜ਼ਬੂਤ ਕਰੇਗਾ ਜਦ ਕਿ ਭਾਰਤ ਨੂੰ ਇਸ ਦਾ ਨੁਕਸਾਨ ਹੋਵੇਗਾ।ਉਹਨਾਂ ਭਾਜਪਾ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਦੇਸ਼ ਦੇ ‘ਅੰਨਦਾਤਾ’ ਦੀ ਸ਼ਾਨ ਤੇ ਭਵਿੱਖ ’ਤੇ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕਰਨਗੇ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਦੇਸ਼ ਵਿਰੋਧੀ ਸਮਝੌਤੇ ਦਾ ਡਟ ਕੇ ਵਿਰੋਧ ਕਰਦੀ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …