Saturday, February 21, 2026

ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਭੇਜੇ ਜਾਣਗੇ ਮੰਗ ਪੱਤਰ

ਅੰਮ੍ਰਿਤਸਰ, 20 ਫਰਵਰੀ (ਦੀਪ ਦਵਿੰਦਰ ਸਿੰਘ) – ਕੌਮਾਂਤਰੀ ਮਾਂ-ਬੋਲੀ ਦਿਵਸ 21 ਫਰਵਰੀ ਦੇ ਮੌਕੇ ’ਤੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਅਤੇ ਸਮੂਹ ਪੰਜਾਬੀ ਪ੍ਰੇਮੀਆਂ ਵਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਅਤੇ ਇਸ ਨਾਲ ਸਬੰਧਿਤ ਹੱਕੀ ਮੰਗਾਂ ਨੂੰ ਲਾਗੂ ਕਰਨ ਲਈ ਮੰਗ ਪੱਤਰ ਭੇਜੇ ਜਾਣਗੇ।
ੀੲੱਥੋਂ ਜਾਰੀ ਮੀਡੀਆ ਬਿਆਨ ਵਿੱਚ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਵੀ ਕੌਮ ਦੀ ਤਰੱਕੀ ਉਸ ਦੀ ਮਾਤ ਭਾਸ਼ਾ ਨਾਲ ਜੁੜੀ ਹੁੰਦੀ ਹੈ ਅਤੇ ਪੰਜਾਬੀ ਭਾਸ਼ਾ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਸਰਕਾਰ ਵੱੱਲੋਂ ਢੁੱਕਵੇਂ ਅਤੇ ਠੋਸ ਕਦਮ ਚੁੱਕਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਪੰਜਾਬੀ ਭਾਸ਼ਾ ਨੂੰ ਰਾਜ ਦੇ ਸਮੂਹ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ, ਅਦਾਲਤਾਂ ਅਤੇ ਜਨਤਕ ਸੰਸਥਾਵਾਂ ਵਿੱਚ ਲਾਜ਼ਮੀ ਤੌਰ ’ਤੇ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।ਇਸ ਦੇ ਨਾਲ ਹੀ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ ਦੱਸਵੀਂ ਜਮਾਤ ਤੱਕ ਸਿੱਖਿਆ ਦਾ ਮਾਧਿਅਮ ਪੰਜਾਬੀ ਬਣਾਉਣ ਅਤੇ ਉੱਚ ਸਿੱਖਿਆ ਪੱਧਰ ’ਤੇ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਲਾਗੂ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ ਹੈ।
ਸਭਾ ਦੇ ਅਹੁਦੇਦਾਰਾਂ ਨੇ ਕਿਹਾ ਕਿ ਸੂਬੇ ਵਿੱਚ ਸੜਕਾਂ, ਦੁਕਾਨਾਂ ਅਤੇ ਜਨਤਕ ਥਾਵਾਂ ’ਤੇ ਲੱਗੇ ਸਾਈਨ ਬੋਰਡਾਂ ਅਤੇ ਇਸ਼ਤਿਹਾਰਾਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦਿੱਤੀ ਜਾਵੇ ਅਤੇ ਸਰਕਾਰੀ ਨੌਕਰੀਆਂ ਵਿੱਚ ਪੰਜਾਬੀ ਭਾਸ਼ਾ ਦੇ ਗਿਆਨ ਨੂੰ ਲਾਜ਼ਮੀ ਬਣਾਇਆ ਜਾਵੇ।ਸਕੂਲਾਂ ਅਤੇ ਕਾਲਜਾਂ ਵਿੱਚ ਪੰਜਾਬੀ ਵਿਸ਼ੇ ਦੀਆਂ ਖ਼ਾਲੀ ਅਸਾਮੀਆਂ ’ਤੇ ਅਧਿਆਪਕਾਂ ਦੀ ਤੁਰੰਤ ਪੱਕੀ ਭਰਤੀ ਕੀਤੀ ਜਾਵੇ ਤਾਂ ਜੋ ਨਵੀਂ ਪੀੜ੍ਹੀ ਆਪਣੀ ਮਾਂ-ਬੋਲੀ ਨਾਲ ਜੁੜੀ ਰਹੇ।
ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਲਈ ਇੱਕ ਸ਼ਕਤੀਸਸ਼ਾਲੀ ਪੰਜਾਬੀ ਭਾਸ਼ਾ ਟ੍ਰਿਬਿਊਨਲ ਬਣਾਇਆ ਜਾਵੇ ਅਤੇ ਨਿੱਜੀ ਸਕੂਲਾਂ ਵਿੱਚ ਪੰਜਾਬੀ ਬੋਲਣ ’ਤੇ ਵਿਦਿਆਰਥੀਆਂ ਨੂੰ ਕੀਤੇ ਜਾਣ ਵਾਲੇ ਜੁਰਮਾਨਿਆਂ ’ਤੇ ਤੁਰੰਤ ਕਾਨੂੰਨੀ ਰੋਕ ਲਗਾਈ ਜਾਵੇ। ਇਸ ਦੇ ਨਾਲ ਹੀ ਅਦਾਲਤੀ ਕੰਮਕਾਜ਼ ਅਤੇ ਫ਼ੈਸਲੇ ਪੰਜਾਬੀ ਵਿੱਚ ਦੇਣ, ਵਿਗਿਆਨ ਅਤੇ ਤਕਨਾਲੋਜੀ ਲਈ ਪੰਜਾਬੀ ਵਿੱਚ ਮਿਆਰੀ ਸ਼ਬਦਾਵਲੀ ਤਿਆਰ ਕਰਨ ਅਤੇ ਬੱਚਿਆਂ ਲਈ ਪੰਜਾਬੀ ਵਿੱਚ ਬਾਲ ਸਾਹਿਤ, ਐਨੀਮੇਸ਼ਨ ਅਤੇ ਕਾਰਟੂਨ ਤਿਆਰ ਕਰਨ ਲਈ ਵਿਸ਼ੇਸ਼ ਫ਼ੰਡ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਇਸ ਦੇ ਨਾਲ ਹੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨਾਲ ਸਬੰਧਿਤ ਸਮੂਹ ਇਕਾਈਆਂ ਅਤੇ ਸਭਾਵਾਂ ਨੂੰ ਵੀ ਬੇਨਤੀ ਕੀਤੀ ਗਈ ਹੈ ਕਿ ਜਿੱਥੇ ਵੀ ਸੰਭਵ ਹੋਵੇ, ਲੇਖਕਾਂ ਅਤੇ ਪੰਜਾਬੀ ਪ੍ਰੇਮੀਆਂ ਦਾ ਇਕੱਠ ਕਰ ਕੇ ਮਾਤ ਭਾਸ਼ਾ ਪੰਜਾਬੀ ਦੇ ਮਹੱਤਵ, ਪ੍ਰਸਾਰ ਅਤੇ ਪ੍ਰਫੁੱਲਤਾ ਬਾਰੇ ਵਿਚਾਰ-ਚਰਚਾਵਾਂ ਅਤੇ ਜਾਗਰੂਕਤਾ ਸਮਾਗਮ ਕਰਵਾਏ ਜਾਣ, ਤਾਂ ਜੋ ਸਮਾਜ ਵਿੱਚ ਆਪਣੀ ਮਾਂ-ਬੋਲੀ ਪ੍ਰਤੀ ਸਨਮਾਨ ਅਤੇ ਜਾਗਰੂਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

 

Check Also

ਕੇਂਦਰੀ ਹਲਕੇ ਵਿੱਚ 5 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਜਾਰੀ ਰਹਿਣਗੇ -ਵਿਧਾਇਕ ਡਾ. ਅਜੇ ਗੁਪਤਾ

ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ …