ਅੰਮ੍ਰਿਤਸਰ, 22 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਧਰਮ ਪ੍ਰਚਾਰ
ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਇਕੱਤਰਤਾ ਕਰਕੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ, ਨੌਜੁਆਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਮਰਯਾਦਾ ਨਾਲ ਜੋੜਨ, ਹਲਕਾ ਪੱਧਰ ’ਤੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਨ ਸਬੰਧੀ ਵਿਚਾਰਾਂ ਕਰਨ ਦੇ ਨਾਲ-ਨਾਲ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਵੀ ਚਰਚਾ ਕੀਤੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਸਮੇਂ ਜਿਥੇ ਸੰਗਤਾਂ ਦਾ ਵੱਡਾ ਸਹਿਯੋਗ ਰਿਹਾ, ਉਥੇ ਹੀ ਸਮੂਹ ਮੁਲਾਜ਼ਮਾਂ ਨੇ ਵੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ।ਉਨ੍ਹਾਂ ਕਿਹਾ ਕਿ ਹੁਣ ਜਿਥੇ 14 ਮਾਰਚ 2026 ਨੂੰ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ ਸ਼ਹੀਦੀ ਸ਼ਤਾਬਦੀ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ, ਉਥੇ ਹੀ ਮਈ ਮਹੀਨੇ ਸ੍ਰੀ ਕੀਰਤਪੁਰ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਜਾਣਾ ਹੈ।ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਦਿਆਂ ਹਰ ਹਲਕੇ ਦੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਦੀ ਰੂਪ ਰੇਖਾ ਉਲੀਕੀ ਗਈ ਹੈ।ਉਨ੍ਹਾਂ ਕਿਹਾ ਕਿ ਸਕੂਲਾਂ/ਕਾਲਜਾਂ ਅੰਦਰ ਵਿਦਿਆਰਥੀਆਂ ਦੇ ਪੇਪਰਾਂ ਉਪਰੰਤ ਵਿਸ਼ੇਸ਼ ਤੌਰ ’ਤੇ ਕੈਂਪ ਲਗਾ ਕੇ ਬੱਚਿਆਂ ਨੂੰ ਗੁਰਮਤਿ, ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਦੀ ਜਾਣਕਾਰੀ ਦਿੱਤੀ ਜਾਵੇਗੀ।ਇਸ ਦੇ ਨਾਲ ਹੀ ਪਿੰਡਾਂ ਅੰਦਰ ਗੁਰਦੁਆਰਾ ਸਾਹਿਬ ਦੇ ਗ੍ਰੰਥੀਆਂ ਨੂੰ ਗੁਰਬਾਣੀ ਸੰਥਿਆਂ ਦੇਣ ਮਰਯਾਦਾ ਅਨੁਸਾਰ ਕਾਰਜ਼ ਕਰਨ ਲਈ ਵਿਸ਼ੇਸ਼ ਤੌਰ ’ਤੇ ਕੈਂਪ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਧਰਮ ਪ੍ਰਚਾਰ ਲਹਿਰ ਤਹਿਤ ਸ੍ਰੀ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਪਟਿਆਲਾ ਵਿਖੇ ਚਾਰ ਵੱਡੇ ਗੁਰਮਤਿ ਵੀ ਆਯੋਜਤ ਕੀਤੇ ਜਾਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਜੰਗ ਬਹਾਦਰ ਸਿੰਘ, ਮੈਂਬਰ ਫੁੰਮਣ ਸਿੰਘ, ਓ.ਐਸ.ਡੀ ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸੁਖਬੀਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਹੈਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਭਾਈ ਬਲਵੰਤ ਸਿੰਘ ਐਨੋਕੋਟ ਸਮੇਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਮੌਜ਼ੂਦ ਸਨ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media