ਅੰਮ੍ਰਿਤਸਰ, 26 ਫ਼ਰਵਰੀ ( ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ,
ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤੇ ਗਏ 72 ਘੰਟੇ ਦਾ ਨੋਟਿਸ ਦਾ ਮਾਮਲਾ ਵਿਚਾਰਿਆ ਗਿਆ।ਇਸ ਇਕੱਤਰਤਾ ਦੌਰਾਨ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ’ਤੇ ਲਗਾਏ ਗਏ ਇਲਜ਼ਾਮਾਂ ਦੇ ਕੋਈ ਵੀ ਸਬੂਤ ਪੇਸ਼ ਨਾ ਕੀਤੇ ਜਾਣ ਅਤੇ ਨਿਯਮਾਂ ਦੀ ਅਣਦੇਖੀ ਕਰਕੇ ਪ੍ਰਬੰਧ ਸਬੰਧੀ ਮੁੜ ਸਵਾਲ ਖੜ੍ਹੇ ਕਰਨ ਕਰਕੇ ਉਨ੍ਹਾਂ ਨੂੰ ਸਰਵਿਸ ਤੋਂ ਰਿਟਾਇਰ ਕਰਨ ਦਾ ਫੈਸਲਾ ਕੀਤਾ ਗਿਆ।
ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨੀਂ ਪ੍ਰੈਸ ਕਾਨਫ਼ਰੰਸ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਖਿਲਾਫ਼ ਇਲਜ਼ਾਮ ਲਗਾ ਕੇ ਬਦਨਾਮੀ ਕੀਤੀ ਸੀ, ਜਿਸ ਲਈ ਉਨ੍ਹਾਂ ਨੂੰ 19 ਫ਼ਰਵਰੀ ਦੀ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ 72 ਘੰਟੇ ਦਾ ਨੋਟਿਸ ਦੇ ਕੇ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਹੈ।ਪ੍ਰੰਤੂ ਉਨ੍ਹਾਂ ਨੀਅਤ ਸਮੇਂ ਵਿੱਚ ਕੋਈ ਵੀ ਸਬੂਤ ਪੇਸ਼ ਨਹੀਂ ਕੀਤੇ, ਸਗੋਂ ਸਰਵਿਸ ਨਿਯਮਾਂ ਦੀ ਅਣਦੇਖੀ ਕਰਕੇ ਪ੍ਰਬੰਧ ਸਬੰਧੀ ਮੁੜ ਸਵਾਲ ਖੜ੍ਹੇ ਕਰ ਦਿੱਤੇ।ਅੱਜ ਦੀ ਅੰਤ੍ਰਿੰਗ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪ੍ਰੈਸ ਵਿਚ ਜਾ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਬਦਨਾਮ ਕੀਤਾ, ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਹੁੱਦੇ ਦੀ ਮਾਣ-ਮਰਯਾਦਾ ਨੂੰ ਵੀ ਢਾਹ ਲੱਗੀ ਹੈ।ਗਿਆਨੀ ਰਘਬੀਰ ਸਿੰਘ ਦਾ ਪ੍ਰੈਸ ਵਿਚ ਬਿਆਨੀਆ ਸ਼੍ਰੋਮਣੀ ਕਮੇਟੀ ਦੇ ਸੇਵਾ ਨਿਯਮਾਂ ਦੀ ਵੀ ਉਲੰਘਣਾ ਹੈ।ਇਸ ਤੋਂ ਇਲਾਵਾ ਇਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰੇ-ਸ਼ਾਮ ਦੀ ਆਪਣੀ ਸੇਵਾ ਵੀ ਬਹੁਤ ਘੱਟ ਨਿਭਾਉਣ ਕਰਕੇ ਇਹ ਮੁੱਖ ਗ੍ਰੰਥੀ ਦੇ ਸਤਿਕਾਰਤ ਅਤੇ ਜ਼ਿੰਮੇਵਾਰ ਅਹੁੱਦੇ ਨਾਲ ਇਨਸਾਫ਼ ਨਹੀਂ ਕਰ ਰਹੇ।ਇਸ ਸਭ ਦੇ ਮੱਦੇਨਜ਼ਰ ਅੱਜ ਦੀ ਅੰਤ੍ਰਿੰਗ ਕਮੇਟੀ ਵਿਚ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਰਿਟਾਇਰ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜਾਇਦਾਦਾਂ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵਿਰੁੱਧ ਕੁੱਝ ਲੋਕਾਂ ਵੱਲੋਂ ਝੂਠਾ ਬਿਰਤਾਂਤ ਸਿਰਜ ਕੇ ਸੰਗਤ ਵਿਚ ਭਰਮ ਭੁਲੇਖਾ ਪੈਦਾ ਕੀਤਾ ਜਾ ਰਿਹਾ ਹੈ, ਪ੍ਰੰਤੂ ਸਚਾਈ ਇਹ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਜਿਥੇ ਵੱਡੀ ਪੱਧਰ ’ਤੇ ਜਾਇਦਾਦਾਂ ਦੀ ਖਰੀਦ ਕੀਤੀ ਹੈ, ਉਥੇ ਹੀ ਗੁਰਦੁਆਰਾ ਸਾਹਿਬਾਨ, ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਵਿੱਤੀ ਜਮ੍ਹਾਂ ਪੂੰਜੀ ਵਿਚ ਵੀ ਵੱਡਾ ਵਾਧਾ ਦਰਜ ਹੋਇਆ ਹੈ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਆਦਿ ਮੌਜੂਦ ਸਨ।
Check Also
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੂਨੀਵਰਸਿਟੀ ਵਿਖੇ ‘ਜਨੂਨ-ਏ-ਪੰਜਾਬ’ ਸਮਾਗਮ ਦਾ ਆਯੋਜ਼ਨ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰੂ …
Punjab Post Daily Online Newspaper & Print Media