Wednesday, August 19, 2026

ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਲੋਕ ਪ੍ਰਾਪਤ ਕਰ ਰਹੇ ਹਨ 430 ਤੋਂ ਵੱਧ ਸਰਕਾਰੀ ਸੇਵਾਵਾਂ – ਵਿਧਾਇਕ ਡਾ. ਸੰਧੂ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਨਿਵੇਕਲੀਆਂ ਤੇ ਆਪਣੀ ਕਿਸਮ ਦੀਆਂ ਪਲੇਠੀਆਂ ਡਿਜ਼ੀਟਲ ਪਹਿਲਕਦਮੀਆਂ ਦੇਸ਼ ਭਰ ਵਿੱਚ ਨਾਗਰਿਕਾਂ ਦੀ ਸਹੂਲਤ ਵਿੱਚ ਨਵੇਂ ਮਾਪਦੰਡ ਸਥਾਪਿਤ ਕਰ ਰਹੀਆਂ ਹਨ।‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸੂਬਾ ਸਰਕਾਰ ਦੀ ਇੱਕ ਪ੍ਰਮੁੱਖ ਸਕੀਮ ਹੈ, ਜਿਸ ਤਹਿਤ ਨਾਗਰਿਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ 430 ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਰਹੇ ਹਨ।
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਯੋਜਨਾ ਤਹਿਤ ਨਾਗਰਿਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਜਾਣ ਦੀ ਲੋੜ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ (ਐਮ.ਸੀ) ਨੂੰ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ।
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਦੱਸਿਆ ਕਿ ਪਟਵਾਰੀਆਂ ਅਤੇ ਫੀਲਡ ਸਟਾਫ ਦੀ ਸਫਲ ਆਨਬੋਰਡਿੰਗ ਦੇ ਨਾਲ, ਸੂਬਾ ਸਰਕਾਰ ਵੱਲੋਂ 12.5 ਲੱਖ ਤੋਂ ਵੱਧ ਅਰਜ਼ੀਆਂ ‘ਤੇ ਆਨਲਾਈਨ ਕਾਰਵਾਈ ਕੀਤੀ ਗਈ ਹੈ।ਇਸ ਨਾਲ ਲੰਬਿਤ ਮਾਮਲਿਆਂ ਦੀ ਦਰ ਮਹਿਜ਼ 0.33 ਫ਼ੀਸਦੀ ਰਹਿ ਗਈ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਐਮ-ਸੇਵਾ ਅਤੇ ਕਨੈਕਟ ਪੰਜਾਬ ਇੱਕ ਏਕੀਕ੍ਰਿਤ ਮੋਬਾਈਲ ਪਲੇਟਫਾਰਮ ਅਤੇ ਮਜ਼ਬੂਤ ਸ਼ਿਕਾਇਤ ਨਿਵਾਰਣ ਪ੍ਰਣਾਲੀ ਪ੍ਰਦਾਨ ਕਰਦੀਆਂ ਹਨ ਜੋ ਨਾਗਰਿਕਾਂ ਨੂੰ ਆਪਣੀਆਂ ਅਰਜ਼ੀਆਂ ਨੂੰ ਟਰੈਕ ਕਰਨ ਅਤੇ ਅਸਲ-ਸਮੇਂ ਵਿੱਚ ਫੀਡਬੈਕ ਜਮ੍ਹਾਂ ਕਰਾਉਣ ਦੇ ਯੋਗ ਬਣਾਉਣ ਦੇ ਨਾਲ ਨਾਲ ਹਰ ਪੱਧਰ ’ਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ।ਉਨ੍ਹਾਂ ਕਿਹਾ ਕਿ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ ‘ਡਿਜ਼ੀਟਲ ਐਕਸੀਲੈਂਸ’ ਐਵਾਰਡ ਵੀ ਮਿਲਿਆ ਹੈ।
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪੰਜਾਬ ਦੀ ਡਿਜ਼ੀਟਲ ਯਾਤਰਾ ਦੇ ਅਗਲੇ ਪੜਾਅ ਵਿੱਚ ਸੇਵਾ ਪ੍ਰਦਾਨ ਕਰਨ ਨੂੰ ਹੋਰ ਸੁਖਾਲਾ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਅਤੇ ਮਸ਼ੀਨ ਲਰਨਿੰਗ (ਐਮ.ਐਲ) ਨੂੰ ਏਕੀਕ੍ਰਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਟੀਚਾ ਆਮਦਨ, ਰਿਹਾਇਸ਼ ਅਤੇ ਜਾਤੀ ਸਰਟੀਫਿਕੇਟ ਸਮੇਤ ਸਾਰੀਆਂ ਪ੍ਰਮੁੱਖ ਸੇਵਾਵਾਂ ਲਈ 100 ਫ਼ੀਸਦੀ ਕਾਗਜ਼ ਰਹਿਤ ਅਤੇ ਸੰਪਰਕ ਰਹਿਤ ਈਕੋਸਿਸਟਮ ਬਣਾਉਣਾ ਹੈ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …