Thursday, March 26, 2026

ਪੰਜਾਬ ਸਰਕਾਰ ਵੱਲੋਂ ਸੂਬੇ `ਚ 6110 ਆਂਗਨਵਾੜੀ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁੱਕਵੇਂ ਅਤੇ ਦੂਰਗਾਮੀ ਕਦਮ ਚੁੱਕ ਰਹੀ ਹੈ।ਇਸ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ।
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿਧਾਇਕਾ ਜੀਵਨ ਜੋਤ ਕੌਰ ਨੇ ਦੱਸਿਆ ਕਿ ਕੁੱਲ 6110 ਅਸਾਮੀਆਂ ਵਿੱਚੋਂ 1316 ਅਸਾਮੀਆਂ ਆਂਗਨਵਾੜੀ ਵਰਕਰਾਂ ਅਤੇ 4794 ਅਸਾਮੀਆਂ ਆਂਗਨਵਾੜੀ ਹੈਲਪਰਾਂ ਦੀਆਂ ਹਨ।ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ 11 ਮਾਰਚ 2026 ਰਾਤ 11.59 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।
ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਹਿਲਾਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 10 ਦਸੰਬਰ 2025 ਨਿਰਧਾਰਤ ਕੀਤੀ ਗਈ ਸੀ, ਜਿਸ ਵਿੱਚ ਹੁਣ ਵਾਧਾ ਕੀਤਾ ਗਿਆ ਹੈ।ਹੁਣ ਪੰਜਾਬ ਰਾਜ ਦੀਆਂ ਯੋਗ (ਕੇਵਲ ਇਸਤਰੀਆਂ) ਉਮੀਦਵਾਰਾਂ 25 ਫਰਵਰੀ ਤੋਂ 11 ਮਾਰਚ 2026 ਰਾਤ 11.59 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੀਆਂ ਹਨ।ਉਨ੍ਹਾਂ ਸਪੱਸ਼ਟ ਕੀਤਾ ਕਿ ਅਰਜ਼ੀਆਂ sswcd.punjab.gov.in ਲਿੰਕ ਰਾਹੀਂ, ਨਿਰਧਾਰਿਤ ਫਾਰਮੈਟ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਕੇਵਲ ਆਨਲਾਈਨ ਮੋਡ ਰਾਹੀਂ ਹੀ ਸਵੀਕਾਰ ਕੀਤੀਆਂ ਜਾਣਗੀਆਂ।ਹੋਰ ਕਿਸੇ ਵੀ ਮੋਡ ਰਾਹੀਂ ਅਰਜ਼ੀਆਂ ਮਨਜ਼ੂਰ ਨਹੀਂ ਕੀਤੀਆਂ ਜਾਣਗੀਆਂ।
ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਵੱਲੋਂ ਇਨ੍ਹਾਂ ਅਸਾਮੀਆਂ ਲਈ ਪਹਿਲਾਂ ਹੀ ਅਪਲਾਈ ਕੀਤਾ ਗਿਆ ਹੈ, ਉਨ੍ਹਾਂ ਨੂੰ ਮੁੜ ਤੋਂ ਅਰਜ਼ੀ ਦੇਣ ਦੀ ਲੋੜ ਨਹੀਂ।ਹਾਲਾਂਕਿ ਜਿਨ੍ਹਾਂ ਉਮੀਦਵਾਰਾਂ ਦੀਆਂ ਅਰਜ਼ੀਆਂ ਪਹਿਲਾਂ ਦਸਤਾਵੇਜ਼ਾਂ ਦੀ ਘਾਟ ਕਾਰਨ ਰੱਦ ਹੋਈਆਂ ਸਨ, ਉਹ ਉਮੀਦਵਾਰ ਮੁੜ ਤੋਂ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ 0 ਤੋਂ 6 ਸਾਲ ਦੀ ਉਮਰ ਬੱਚੇ ਦੀ ਜ਼ਿੰਦਗੀ ਦਾ ਸਭ ਤੋਂ ਨਾਜ਼ੁਕ ਅਤੇ ਮਹੱਤਵਪੂਰਨ ਦੌਰ ਹੁੰਦਾ ਹੈ, ਜਿਸ ਦੌਰਾਨ ਮਿਲਣ ਵਾਲੀ ਸਿੱਖਿਆ, ਦੇਖਭਾਲ ਅਤੇ ਪੋਸ਼ਣ ਬੱਚੇ ਦੇ ਪੂਰੇ ਜੀਵਨ ਦੀ ਮਜ਼ਬੂਤ ਨੀਂਹ ਬਣਦੇ ਹਨ।ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਆਂਗਨਵਾੜੀ ਸੈਂਟਰ ਵਿੱਚ ਯੋਗ ਅਤੇ ਕਾਬਿਲ ਸਟਾਫ ਦੀ ਉਪਲਬਧਤਾ ਯਕੀਨੀ ਬਣਾਉਣਾ ਹੈ, ਤਾਂ ਜੋ ਬੱਚਿਆਂ ਨੂੰ ਉਚ ਮਿਆਰੀ ਸਿੱਖਿਆ, ਸੰਤੁਲਿਤ ਪੋਸ਼ਣ ਅਤੇ ਸੰਵੇਦਨਸ਼ੀਲ ਦੇਖਭਾਲ ਦੀਆਂ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣ

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …