ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ
ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਪਿੰਡ ਵਾਂ ਤੋਂ ਨਗਰ ਕੀਰਤਨ ਦੀ ਆਰੰਭਤਾ ਨਾਲ ਹੋਈ।ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਸੰਗਤਾਂ ਮੌਜ਼ੂਦ ਸਨ।
ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵੰਤਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ੁਸ਼ੋਭਿਤ ਕਰਨ ਦੀ ਸੇਵਾ ਨਿਭਾਈ। ਇਸ ਮੌਕੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮਾਝੇ ਦੀ ਉਹ ਧਰਤੀ ਹੈ, ਜਿਥੇ ਅਨੇਕਾਂ ਸਿੱਖ ਯੋਧਿਆਂ ਨੇ ਗੁਰੂ ਸਾਹਿਬ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ।ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਹੋਰ ਸ਼ਹੀਦਾਂ ਦੀ 300 ਸਾਲਾ ਸ਼ਤਾਬਦੀ ਮਨਾ ਰਹੇ ਹਾਂ ਤਾਂ ਹਰ ਸਿੱਖ ਦਾ ਫ਼ਰਜ਼ ਹੈ ਕਿ ਸ਼ਹੀਦਾਂ ਦੇ ਇਤਿਹਾਸ ਨੂੰ ਯਾਦ ਕਰਦਿਆਂ ਆਪਣੇ ਬੱਚਿਆਂ ਨੂੰ ਗੁਰਸਿੱਖੀ ਜੀਵਨ ਨਾਲ ਜੋੜੀਏ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 300 ਸ਼ਹੀਦੀ ਸ਼ਤਾਬਦੀ ਦੇ ਸਮਾਗਮ 14 ਮਾਰਚ ਤੱਕ ਲਗਾਤਾਰ ਜਾਰੀ ਰਹਿਣਗੇ।ਜਿਸ ਦੌਰਾਨ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ ਅਤੇ ਗੁਰਮਤਿ ਸਮਾਗਮ ਸਮੇਂ ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਨਗੇ।ਇਸੇ ਤਰ੍ਹਾਂ 14 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਜਥੇਦਾਰ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੀਆਂ।ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਕੇ ਗੁਰੂ ਸਾਹਿਬ ਤੇ ਸ਼ਹੀਦ ਸਿੰਘਾਂ ਨੂੰ ਸਤਿਕਾਰ ਭੇਟ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਇੰਚਾਰਜ ਰਾਜਵਿੰਦਰ ਸਿੰਘ ਜੋਗਾ, ਰਾਜਪਾਲ ਸਿੰਘ, ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਧਰਮਿੰਦਰ ਸਿੰਘ, ਮੈਨੇਜਰ ਜੱਜ ਸਿੰਘ, ਸਰਪੰਚ ਰਣਜੀਤ ਸਿੰਘ, ਸਾਬਕਾ ਸਰਪੰਚ ਮੁਖ਼ਤਿਆਰ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ, ਰਾਜਿੰਦਰ ਸਿੰਘ, ਜਥੇਦਾਰ ਵਜੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media