ਕਿਹਾ, ਜਮ੍ਹਾਂਖੋਰਾਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਮਿਡਲ ਈਸਟ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਜ਼ਿਲ੍ਹੇ
ਦੇ ਪੈਟਰੋਲੀਅਮ/ਐਲ:ਪੀ:ਜੀ ਅਧਿਕਾਰੀਆਂ ਅਤੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਜਿਲ੍ਹੇ ਵਿੱਚ ਐਲ.ਪੀ.ਜੀ, ਪੈਟਰੋਲ/ਡੀਜ਼ਲ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ।
ਡਿਪਟੀ ਕਮਿਸ਼ਨਰ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਾਲਾਬਜਾਰੀ ਜਾਂ ਜਮਾਂਖੋਰੀ ਨਹੀਂ ਕਰਨ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜਮਾਂਖੋਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 67 ਗੈਸ ਏਜੰਸੀਆਂ ਅਤੇ 303 ਪੈਟਰੋਲ ਪੰਪ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਵਿੱਚ ਕਿਤੇ ਵੀ ਕੋਈ ਘਰੇਲੂ ਗੈਸ ਅਤੇ ਪੈਟਰੋਲ/ਡੀਜਲ ਕੋਈ ਵੀ ਘਾਟ ਨਹੀਂ ਹੈ ਅਤੇ ਇਸ ਦੀ ਸਪਲਾਈ ਲਗਾਤਾਰ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਕਮਰਸ਼ੀਅਲ ਗੈਸ ਵਿੱਚ ਕਮੀ ਆਈ ਹੈ ਅਤੇ ਇਸ ਨੂੰ ਵੀ ਛੇਤੀ ਹੀ ਦੂਰ ਕਰ ਲਿਆ ਜਾਵੇਗਾ। ਉਨ੍ਹਾਂ ਗੈਸ ਏਜੰਸੀ ਅਤੇ ਪੈਟਰੋਲ ਪੰਪਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਤੁਹਾਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਹੀ ਜ਼ਿਲ੍ਹਾ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਪੰਜਾਬ ਸਰਕਾਰ ਰਾਹੀਂ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ।
ਮੀਟਿੰਗ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਸ੍ਰੀਮਤੀ ਹਰਵਿੰਦਰ ਕੌਰ, ਫੂਡ ਸਪਲਾਈ ਇੰਸਪੈਕਟਰ ਜਗਵਿੰਦਰ ਸਿੰਘ, ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸੇਲ ਮੈਨੇਜਰ ਯਸ਼ ਪਾਠਕ, ਮੈਨੇਜਰ ਅੰਕਿਤ ਕੁਮਾਰ ਤੋਂ ਇਲਾਵਾ ਵੱਖ-ਵੱਖ ਗੈਸ ਏੰਜਸੀਆਂ ਅਤੇ ਪੈਟਰੋਲ ਪੰਪਾਂ ਦੇ ਨੁਮਾਇੰਦੇ ਹਾਜ਼ਰ ਸਨ।
Punjab Post Daily Online Newspaper & Print Media