Monday, March 16, 2026

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਸੰਪੂਰਨ

ਸ਼ਤਾਬਦੀ ਦਿਹਾੜੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਦਿੰਦੇ ਹਨ- ਜਥੇਦਾਰ ਕੁਲਦੀਪ ਸਿੰਘ ਗੜਗੱਜ
ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਜਿਨ੍ਹਾਂ ਸਿੱਖ ਸੂਰਮਿਆਂ ਦੀ ਸ਼ਹੀਦੀ ਸ਼ਤਾਬਦੀ ਮਨਾ ਰਹੇ ਹਾਂ ਉਨ੍ਹਾਂ ਨੇ ਸਿੱਖ ਸਿਧਾਂਤਾਂ ‘ਤੇ ਪਹਿਰਾ ਦਿੰਦਿਆਂ ਕੇਸਾਂ ਦੇ ਸਤਿਕਾਰ ਲਈ ਸ਼ਹਾਦਤਾਂ ਦਿੱਤੀਆਂ।ਪਰ ਕੁੱਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਤੇ ਸਿੱਖ ਸੰਸਥਾ ਬਾਰੇ ਗਲਤ ਪ੍ਰਚਾਰ ਕਰਕੇ ਸੰਗਤਾਂ ਅੰਦਰ ਭਰਮ ਪੈਦਾ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਤਿੰਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਪ੍ਰਤੀ ਸਰਕਾਰ ਦੀ ਵਿਤਕਰੇ ਭਰੀ ਨੀਤੀ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਥ ਨੂੰ ਇਕੱਠੇ ਹੋਣ ਦੀ ਲੋੜ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਵੀ ਸਤਿਕਾਰ ਭੇਟ ਕੀਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਝੇ ਦੀ ਇਸ ਧਰਤੀ `ਤੇ ਅਨੇਕਾਂ ਸੂਰਬੀਰ ਪੈਦਾ ਹੋਏ ਜਿਨ੍ਹਾਂ ਜ਼ੁਲਮ ਵਿਰੁੱਧ ਲੜਦਿਆਂ ਸ਼ਹਾਦਤ ਪ੍ਰਾਪਤ ਕੀਤੀ।ਉਨ੍ਹਾਂ ਕਿਹਾ ਕਿ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਸਮੇਂ ਕਕਾਰ ਪਹਿਨਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਵਿਤਕਰੇ ਹੋ ਰਹੇ ਹਨ।ਜਥੇਦਾਰ ਗੜਗੱਜ ਨੇ ਬੰਦੀ ਸਿੰਘਾਂ ਦੀ ਗੱਲ ਕਰਦਿਆਂ ਕਿਹਾ ਕਿ ਇੱਕ ਪਾਖੰਡੀ ਸਾਧ ਰਾਮ ਰਹੀਮ ‘ਤੇ ਤਾਂ ਸਰਕਾਰ ਮਿਹਰਬਾਨ ਹੋ ਸਕਦੀ ਹੈ, ਪਰ ਆਪਣੀ ਬਿਮਾਰ ਮਾਂ ਨੂੰ ਮਿਲਣ ਦੀ ਇੱਛਾ ਰੱਖਣ ਵਾਲੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਮਾਂ ਨਾਲ ਮਿਲਣ ਤੱਕ ਨਹੀਂ ਦਿੱਤਾ ਜਾ ਰਿਹਾ।ਉਨ੍ਹਾਂ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਈ ਵੀ ਸਿੱਖਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ।ਲੰਬੇ ਸੰਘਰਸ਼ ਮਗਰੋਂ ਵੀ ਸਰਕਾਰ ਦੀ ਖਾਮੋਸ਼ੀ ਵੱਡੇ ਸਵਾਲ ਪੈਦਾ ਕਰਦੀ ਹੈ।ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਕਥਾਵਾਚਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲਿਆਂ ਨੇ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ।
ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ, ਪਦਮਸ਼੍ਰੀ ਬਾਬਾ ਸੇਵਾ ਸਿੰਘ ਖੰਡੂਰ ਸਾਹਿਬ, ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਤੇ ਭਾਈ ਕੰਵਰਚੜਤ ਸਿੰਘ ਨੇ ਵੀ ਸੰਬੋਧਨ ਕਰਦਿਆਂ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਗੁਰਬਚਨ ਸਿੰਘ ਕਰਮੂੰਵਾਲਾ, ਅਮਰਜੀਤ ਸਿੰਘ ਭਲਾਈਪੁਰ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਓ.ਐਸ.ਡੀ ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਅਕਾਲੀ ਆਗੂ ਬੀਬੀ ਕੰਚਨਪ੍ਰੀਤ ਕੌਰ, ਸਾਬਕਾ ਸਕੱਤਰ ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾ ਕੋਹਨਾ, ਰਜਿੰਦਰ ਸਿੰਘ ਰੂਬੀ, ਭਗਵਾਨ ਸਿੰਘ ਜੌਹਲ ਅਤੇ ਜਥੇਦਾਰ ਵਜੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਮੌਜੂਦ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …