Wednesday, August 19, 2026

ਵਿਸ਼ਵ ਜਲ ਦਿਵਸ ਮੌਕੇ ਆਯੋਜਿਤ ਜਾਗਰੂਕਤਾ ਵਾਕਥਾਨ ਨੂੰ ਮੇਅਰ ਨੇ ਦਿਖਾਈ ਹਰੀ ਝੰਡੀ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਸ਼ਵ ਜਲ ਦਿਵਸ ਮੌਕੇ ਅੰਮ੍ਰਿਤਸਰ ਨਗਰ ਨਿਗਮ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਜਾਗਰੂਕਤਾ ਫੈਲਾਉਣ ਲਈ ਕਰਵਾਈ ਗਈ ਵਾਕਾਥਨ ਨੂੰ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਰਣਜੀਤ ਐਵੀਨਿਊ-ਡੀ ਬਲਾਕ ਵਿਖੇ ਕਰਵਾਈ ਗਈ ਵਾਕਾਥਨ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ‘ਚ ਭਾਗ ਲਿਆ ਅਤੇ ਪਾਣੀ ਦੀ ਸੰਭਾਲ ਦਾ ਸੁਨੇਹਾ ਦਿੱਤਾ।
ਮੇਅਰ ਜਤਿੰਦਰ ਸਿੰਘ ਭਾਟੀਆ ਨੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਣੀ ਤੋਂ ਬਿਨਾਂ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ।ਉਨ੍ਹਾਂ ਕਿਹਾ ਕਿ ਪੰਜਾਬ ਦਾ ਨਾਂ ਪਾਣੀ ਨਾਲ ਵੀ ਜੁੜਿਆ ਹੋਇਆ ਹੈ ਅਤੇ ਸਾਡੀ ਹਜ਼ਾਰਾਂ ਸਾਲ ਪੁਰਾਣੀ ਸੱਭਿਅਤਾ ਦਾ ਜਨਮ, ਵਿਕਾਸ ਅਤੇ ਹੋਂਦ ਵੀ ਪਾਣੀ ਕਾਰਨ ਹੀ ਹੈ।ਪਰ ਧਰਤੀ ਹੇਠਲੇ ਪਾਣੀ ਦੀ ਅੰਨ੍ਹੇਵਾਹ ਵਰਤੋਂ ਅਤੇ ਕਣਕ-ਝੋਨੇ ਦੀ ਖੇਤੀ `ਤੇ ਜਿਆਦਾ ਨਿਰਭਰਤਾ ਕਾਰਨ ਪੰਜਾਬ `ਚ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫੀ ਹੇਠਾਂ ਚਲਾ ਗਿਆ ਹੈ ਅਤੇ ਜੇਕਰ ਅਜਿਹਾ ਹੀ ਜਾਰੀ ਰਿਹਾ ਤਾਂ ਭਵਿੱਖ `ਚ ਪੰਜਾਬ ਰੇਗਿਸਤਾਨ ਬਣ ਸਕਦਾ ਹੈ।ਪੰਜਾਬ ਸਰਕਾਰ ਨੇ ਸਿੰਚਾਈ ਲਈ ਨਹਿਰੀ ਪਾਣੀ ਨੂੰ ਪਹਿਲ ਦਿੱਤੀ ਅਤੇ ਨਹਿਰਾਂ ਪੱਕੀਆਂ ਕੀਤੀਆਂ, ਜਿਸ ਦੇ ਨਤੀਜੇ ਵਜੋਂ ਸਿੰਚਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਧੀ ਅਤੇ ਕਈ ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਵਧਿਆ ਹੈ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ।
ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰਾਜੈਕਟ ਦੇ ਪ੍ਰਾਜੈਕਟ ਮੈਨੇਜਰ ਕੁਲਦੀਪ ਸਿੰਘ ਸੈਣੀ ਨੇ ਦੱਸਿਆ ਕਿ ਜਲ ਸਰੋਤ ਪੰਜਾਬ 2024 ਦੀ ਰਿਪੋਰਟ ਅਨੁਸਾਰ ਅੰਮ੍ਰਿਤਸਰ ਜਿਲ੍ਹੇ ਦੇ ਸਾਰੇ 10 ਬਲਾਕਾਂ ਨੂੰ ਡਾਰਕ ਜ਼ੋਨ ਐਲਾਨਿਆ ਗਿਆ ਹੈ।ਸਰਕਾਰ ਨੇ ਸ਼ਹਿਰ ਵਿੱਚ ਸਥਾਈ ਅਤੇ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ ਕੀਤਾ ਹੈ।ਜਿਸ ਤਹਿਤ ਆਉਣ ਵਾਲੇ ਸਮੇਂ ਵਿੱਚ ਅੱਪਰ ਬਾਰੀ ਦੁਆਬ ਨਹਿਰ ਦੇ ਪਾਣੀ ਨੂੰ ਸਾਫ਼ ਕਰਕੇ ਸਪਲਾਈ ਕੀਤਾ ਜਾਵੇਗਾ।ਨਿਗਮ ਦੇ ਸਹਾਇਕ ਕਮਿਸ਼ਨਰ ਰਜਿੰਦਰ ਸ਼ਰਮਾ ਨੇ ਕਿਹਾ ਕਿ ਜੇਕਰ ਅਸੀਂ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਕੁੱਝ ਬਦਲਾਅ ਕਰੀਏ ਤਾਂ ਪਾਣੀ ਦੀ ਬੱਚਤ ਆਸਾਨੀ ਨਾਲ ਕੀਤੀ ਜਾ ਸਕਦੀ ਹੈ।
ਇਸ ਮੌਕੇ ਇੰਦੂ ਵਰਮਾ, ਅਸ਼ਵਨੀ ਕੁਮਾਰ ਆਦਿ ਵੀ ਮੌਜ਼ੂਦ ਸਨ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …