Sunday, April 19, 2026

ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ ਕੀਤੀ ਗਈ ਸ਼ੁਰੂਆਤ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ) – ਗੁਰੂ ਨਾਨਕ ਦੇਵ ਜੀ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਇਲਾਜ਼ ਕਰਵਾਉਣ ਆਏ ਮਰੀਜ਼ ਅਤੇ ਉਨ੍ਹਾਂ ਦੇ ਨਾਲ ਆਏ ਸਹਿਯੋਗੀ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੋਂ ਆਇਆ ਲੰਗਰ ਛਕ ਸਕਣਗੇ।ਲੰਗਰ ਸੇਵਾ ਦੀ ਰਸਮੀ ਸ਼ੁਰੂਆਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਨ ਮਗਰੋਂ ਅਰਦਾਸ ਉਪਰੰਤ ਕੀਤੀ ਗਈ।ਜ਼ਿਕਰਯੋਗ ਹੈ ਕਿ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਸ ਕਾਰਜ਼ ਲਈ ਪ੍ਰਵਾਨਗੀ ਦਿੱਤੀ ਸੀ।ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ ਨੇ ‘ਜੀ ਆਇਆਂ’ ਆਖਦਿਆਂ ਸਵਾਗਤ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਸੰਦੇਸ਼ ਅਤੇ ਪ੍ਰੇਰਣਾ ਦੀ ਰੌਸ਼ਨੀ ’ਚ ਸਦਾ ਹੀ ਮਾਨਵ ਹਿਤਕਾਰੀ ਕਾਰਜ਼ਾਂ ਲਈ ਯਤਨਸ਼ੀਲ ਰਹੀ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਵਿਖੇ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਅਤੇ ਹੋਰ ਲੋੜਵੰਦਾਂ ਲਈ ਲੰਗਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਸੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਦੂਰ-ਦੂਰ ਤੋਂ ਸ੍ਰੀ ਅੰਮ੍ਰਿਤਸਰ ਵਿਖੇ ਇਲਾਜ਼ ਕਰਵਾਉਣ ਆਏ ਮਰੀਜ਼ਾਂ ਲਈ ਵੱਡਾ ਧਰਵਾਸ ਬਣੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਕਾਰਜ਼ ਵਿਚ ਸਹਿਯੋਗ ਕਰਨ ਲਈ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ, ਮੈਡੀਕਲ ਸੁਪਰਡੈਂਟ ਸਮੇਤ ਸਮੁੱਚੇ ਪ੍ਰਬੰਧ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ, ਨਰਸਿੰਘ ਸੁਪਰਡੈਂਟ ਬੀਬੀ ਨਵਕਿਰਨ ਕੌਰ, ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਬਲਵਿੰਦਰ ਸਿੰਘ ਸਮੇਤ ਹੋਰ ਮੌਜ਼ੂਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …