ਅੰਮ੍ਰਿਤਸਰ, 1 ਅਪ੍ਰੈਲ 2026 (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2025-26 ਲਈ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ ਹੈ।ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਜੀਫ਼ਾ ਰਾਸ਼ੀ ਦੇ ਚੈਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਸੌਂਪੇ।
ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾਂ ਕਾਰਜਸ਼ੀਲ ਰਹੀ ਹੈ।ਜਿਥੇ ਦੇਸ਼ ਭਰ ਅੰਦਰ ਗੁਰਮਤਿ ਸਮਾਗਮਾਂ ਰਾਹੀਂ ਸਿੱਖੀ ਪ੍ਰਚਾਰ ਕੀਤਾ ਜਾਂਦਾ ਹੈ, ਉਥੇ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ ਵਜੀਫਾ ਰਾਸ਼ੀ ਦੀ ਯੋਜਨਾ ਵੀ ਚਲਾਈ ਜਾ ਰਹੀ ਹੈ।ਇਸੇ ਤਹਿਤ ਹਰ ਸਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਫੀਸਾਂ ਲਈ ਕਰੋੜਾਂ ਰੁਪਏ ਵਜੀਫੇ ਵਜੋਂ ਦਿੱਤੇ ਜਾਂਦੇ ਹਨ। ੲਸ ਵਾਰ 3743 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਰਾਸ਼ੀ ਵੰਡੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਧਾਰਮਿਕ ਪ੍ਰੀਖਿਆ ਰਾਹੀਂ ਵੀ ਵਿਸ਼ੇਸ਼ ਤੌਰ ’ਤੇ ਵਜੀਫੇ ਦਿੱਤੇ ਜਾਂਦੇ ਹਨ।ਉਨ੍ਹਾਂ ਵਜੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਗੁਰਸਿੱਖੀ ਜੀਵਨ ਵਿੱਚ ਪ੍ਰਪੱਕ ਰਹਿਣ ਲਈ ਪ੍ਰੇਰਣਾ ਕੀਤੀ।ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਨੌਜੁਆਨ ਲਾਭ ਲੈ ਸਕਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ, ਡਾ. ਗੁਰਜੀਤ ਸਿੰਘ, ਡਾ. ਰੁਪਿੰਦਰ ਸਿੰਘ, ਬੀਬੀ ਮਨਿੰਦਰਪਾਲ ਕੌਰ, ਸ੍ਰੀਮਤੀ ਮਮਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਜੋਗੇਸ਼ਵਰ ਸਿੰਘ, ਚੀਫ਼ ਅਕਾਊਂਟੈਂਟ ਮਨਿੰਦਰਪਾਲ ਸਿੰਘ ਆਦਿ ਮੌਜੂਦ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media