Wednesday, November 11, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਸਾਊਂਡ ਸਿਸਟਮ ਦੀ ਐਡਵੋਕੇਟ ਧਾਮੀ ਨੇ ਕੀਤੀ ਸ਼ੁਰੂਆਤ

ਸਾਊਂਡ ਸਿਸਟਮ ਦੀ ਸੇਵਾ ਇੰਗਲੈਂਡ ਦੇ ਸ਼ਰਧਾਲੂ ਪਰਿਵਾਰਾਂ ਵੱਲੋਂ ਕੀਤੀ ਗਈ 

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਤਕਨੀਕ ਦੇ ਸਾਊਂਡ ਸਿਸਟਮ ਦੀ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ੁਰੂਆਤ ਕੀਤੀ ਗਈ।ਇਸ ਸਾਊਂਡ ਸਿਸਟਮ ਦੀ ਸੇਵਾ ਇੰਗਲੈਂਡ ਦੇ ਸ਼ਰਧਾਲੂ ਪਰਿਵਾਰਾਂ ਵੱਲੋਂ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਮੇਂ-ਸਮੇਂ ਵੱਖ-ਵੱਖ ਸੇਵਾਵਾਂ ਕਰਵਾਈਆਂ ਜਾਂਦੀਆਂ ਹਨ।ਬੀਤੇ ਸਮੇਂ ਅੰਤ੍ਰਿੰਗ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਤਕਨੀਕ ਵਾਲਾ ਸਾਊਂਡ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ।ਇਸ ਕਾਰਜ਼ ਦੀ ਸੇਵਾ ਇੰਗਲੈਂਡ ਨਿਵਾਸੀ ਗੁਰਸੇਵਕ ਸਿੰਘ ਸ਼ੇਰਗਿੱਲ, ਗੁਲਿੰਦਰ ਸਿੰਘ, ਜਤਿੰਦਰ ਸਿੰਘ ਹੇਅਰ, ਰਣਜੀਤ ਸਿੰਘ ਸੱਗੂ, ਪ੍ਰਦੀਪ ਸਿੰਘ ਨਿੱਜਰ ਤੇ ਗੁਰਪ੍ਰੀਤ ਸਿੰਘ ਸੰਧੂ ਦੇ ਪਰਿਵਾਰਾਂ ਵੱਲੋਂ ਕਰਵਾਈ ਗਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਸੇਵਕ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਇੰਗਲੈਂਡ ਵਿਖੇ ਸਥਾਪਤ ਕੀਤੇ ਗਏ ਸਿੱਖ ਮਿਸ਼ਨ ਬਾਰੇ ਵੀ ਵਿਚਾਰਾਂ ਹੋਈਆਂ।ਸ਼੍ਰੋਮਣੀ ਕਮੇਟੀ ਵੱਲੋਂ ਇਸ ਕੇਂਦਰ ਰਾਹੀਂ ਇੰਗਲੈਂਡ ਦੀਆਂ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਸਮੇਂ ਸਹਿਯੋਗ ਕਰਨ ਦੇ ਨਾਲ-ਨਾਲ ਧਰਮ ਪ੍ਰਚਾਰ ਦੇ ਕਾਰਜ਼ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇਸ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਵੀ ਇੰਗਲੈਂਡ ਭੇਜੇ ਜਾਇਆ ਕਰਨਗੇ।ਇਨ੍ਹਾਂ ਕਾਰਜਾਂ ਲਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਸਿੰਘ ਅਤੇ ਮੁੰਬਈ ਤੋਂ ਮੈਂਬਰ ਗੁਰਿੰਦਰ ਸਿੰਘ ਬਾਵਾ ਦਾ ਵੀ ਸਹਿਯੋਗ ਰਿਹਾ ਹੈ।
ਇੰਗਲੈਂਡ ਤੋਂ ਪੁੱਜੇ ਗੁਰਸੇਵਕ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਰਹਿਮਤ ਸਦਕਾ ਵੱਖ-ਵੱਖ ਪਰਿਵਾਰਾਂ ਦੇ ਸਹਿਯੋਗ ਨਾਲ ਇਹ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਸਹਿਯੋਗ ਕਰਨ ਵਾਲੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਗੁਰੂ ਘਰ ਦੀਆਂ ਸੇਵਾਵਾਂ ਇਸੇ ਤਰ੍ਹਾਂ ਕਰਨ ਦਾ ਬੱਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਤਕਨੀਕ ਵਾਲਾ ਸਾਊਂਡ ਸਿਸਟਮ ਹੈ, ਜਿਸ ਦੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਖ-ਵੱਖ ਜਗ੍ਹਾ ’ਤੇ 130 ਸਪੀਕਰ ਲਗਾਏ ਗਏ ਹਨ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੇਵਾ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ, ਬੀਬੀ ਪਰਮਜੀਤ ਸਿੰਘ, ਹਰਮੀਤ ਸਿੰਘ ਸਲੂਜਾ ਅਤੇ ਹੋਰ ਮੌਜੂਦ ਸਨ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …