ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1763 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਜਨਰਲ ਪ੍ਰਬੰਧਕ ਹਰਭਜਨ ਸਿੰਘ ਸੁਪਰਵਾਈਜ਼ਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।
ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ।ਜਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ।ਮੰਨਣ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ੁਰੂ ਹੋਇਆ ਲਾਂਘਾ, ਜੋ ਪਿਛਲੇ ਸਮੇਂ ਤੋਂ ਬੰਦ ਹੈ ਨੂੰ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਤੁਰੰਤ ਖੋਲਿਆ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਥੇ ਦੀ ਅਗਵਾਈ ਕਰਨ ਦਾ ਉਨ੍ਹਾਂ ਮੌਕਾ ਦਿੱਤਾ ਹੈ।ਇਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਹੈ।
ਜਥੇ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਜਗਜੀਤ ਸਿੰਘ ਇੰਚਾਰਜ ਯਾਤਰਾ, ਮੇਜਰ ਸਿੰਘ, ਗੁਰਮੀਤ ਸਿੰਘ, ਬੀਬੀ ਰਣਜੀਤ ਕੌਰ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media