ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਮੀਤ ਸਿੰਘ ਨੂੰ ‘ਜੀ ਆਇਆਂ’ ਆਖਿਆ ਅਤੇ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ ਦਾ ਕੇਂਦਰ ਹੈ, ਜਿਥੇ ਰੋਜ਼ਾਨਾ ਵੱਡੀ ਗਿਣਤੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੁੰਦੀਆਂ ਹਨ।ਅੱਜ ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਹੀ ਜੰਮਪਲ ਹਨ, ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ।ਐਡਵੋਕੇਟ ਧਾਮੀ ਨੇ ਕਿਹਾ ਕਿ ਉਤਰਾਖੰਡ ਅੰਦਰ ਸਿੱਖਾਂ ਨਾਲ ਸਬੰਧਤ ਪਾਵਨ ਅਸਥਾਨਾਂ ਸਬੰਧੀ ਵੀ ਰਾਜਪਾਲ ਗੁਰਮੀਤ ਸਿੰਘ ਨਾਲ ਵਿਚਾਰਾਂ ਹੋਈਆਂ, ਜਿਸ ਪ੍ਰਤੀ ਉਨ੍ਹਾਂ ਵੱਲੋਂ ਹਾਂ-ਪੱਖੀ ਹੁੰਗਾਰਾ ਭਰਿਆ ਗਿਆ।
ਇਸੇ ਦੌਰਾਨ ਰਾਜਪਾਲ ਗੁਰਮੀਤ ਸਿੰਘ ਨੇ ਕਿਹਾ ਕਿ ਗੁਰੂ ਦੇ ਅਸ਼ੀਰਵਾਦ ਸਦਕਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਇਹ ਉਹ ਦਰ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਏਕਤਾ ਦਾ ਸੰਦੇਸ਼ ਮਿਲਦਾ ਹੈ।ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਹ ਨਵੀਂ ਊਰਜਾ ਮਹਿਸੂਸ ਕਰਦੇ ਹਨ।ਉਨ੍ਹਾਂ ਗੁਰੂ ਪਾਤਸ਼ਾਹ ਜੀ ਦੇ ਚਰਨਾਂ ਵਿਚ ਉਤਰਾਖੰਡ ਅਤੇ ਦੇਸ਼ ਭਰ ਦੇ ਲੋਕਾਂ ਲਈ ਅਰਦਾਸ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਾਜਪਾਲ ਗੁਰਮੀਤ ਸਿੰਘ ਨਾਲ ਪੁੱਜੇ ਏ.ਡੀ.ਸੀ ਅਮਿਤ ਸ੍ਰੀਵਾਸਤਵ, ਏ.ਆਈ.ਜੀ ਜਗਜੀਤ ਸਿੰਘ ਵਾਲੀਆ, ਏ.ਡੀ.ਸੀ.ਪੀ ਹਰਪਾਲ ਸਿੰਘ ਸਮੇਤ ਹੋਰ ਮੌਜੂਦ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਮੇਜਰ ਅੰਮ੍ਰਿਤਪਾਲ ਵੱਲੋਂ ਪ੍ਰੇਰਨਾਦਾਇਕ ਲੈਕਚਰ
ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵੱਲੋਂ ਭਾਰਤੀ ਫ਼ੌਜ ਦੇ …
Punjab Post Daily Online Newspaper & Print Media