ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 22 ਲੱਖ 35 ਹਜ਼ਾਰ 247 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਹ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 151 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਾਲ 2025-26 ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ/ਕਾਲਜਾਂ ਨੂੰ ਸੌਂਪੀ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫੀਸਾਂ ਦੇ ਰੂਪ ਵਿੱਚ ਸਹਾਇਤਾ ਕਰਨ ਦਾ ਫੈਸਲਾ ਕੀਤਾ ਹੋਇਆ ਹੈ।ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਨੂੰ ਇਹ ਫੀਸਾਂ ਭੇਜੀਆਂ ਗਈਆਂ ਹਨ।ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਏਪੁਰ ਤੇ ਛੱਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਜੋਗ ਵਰਤੋਂ ਯਕੀਨੀ ਬਣੀ ਰਹੇ। ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿੱਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।
ਇਸ ਮੌਕੇ ਉਨ੍ਹਾਂ ਨਾਲ ਇੰਚਾਰਜ਼ ਬਲਦੇਵ ਸਿੰਘ, ਗੁਰਮਤਿ ਵਿਦਿਆਲਾ ਛੱਤੀਸਗੜ੍ਹ ਦੇ ਇੰਚਾਰਜ਼ ਅਜੀਤ ਸਿੰਘ, ਇੰਸਪੈਕਟਰ ਚੰਚਲਦੀਪ ਸਿੰਘ ਵੀ ਮੌਜ਼ੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media