Monday, May 18, 2026

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਜਾਣ ਨੂੰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਨੇ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਹੈ।ਜ਼ਿਕਰਯੋਗ ਹੈ ਕਿ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਐਲਾਨ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਜਲਦ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਨੌਜੁਆਨ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਪ੍ਰਸ਼ਾਸਨਿਕ ਸੇਵਾਵਾਂ ਲਈ ਅੱਗੇ ਆਉਣ, ਜਿਸ ਲਈ ਸ਼੍ਰੋਮਣੀ ਕਮੇਟੀ ਵੱਡੇ ਉਪਰਾਲੇ ਕਰ ਰਹੀ ਹੈ।ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ, ਅੰਮ੍ਰਿਤਧਾਰੀ ਲੜਕੀਆਂ ਨੂੰ ਮੁਫ਼ਤ ਵਿੱਦਿਆ ਤੇ ਗ਼ਰੀਬ ਵਿਦਿਆਰਥੀਆਂ ਲਈ ਹਰ ਸਾਲ ਸਹਾਇਤਾ ਕੀਤੀ ਜਾਂਦੀ ਹੈ, ਉਥੇ ਹੀ ਨਿਸ਼ਚੈ ਅਕੈਡਮੀ ਰਾਹੀਂ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਸੇਵਾਵਾਂ ਵਾਸਤੇ ਸਿੱਖ ਨੌਜਵਾਨਾਂ ਦੀ ਤਿਆਰੀ ਦਾ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪ੍ਰਸ਼ਾਸਨਿਕ ਪ੍ਰੀਖਿਆ ਦਾ ਮੁੱਢਲਾ ਟੈਸਟ ਪਾਸ ਕਰਨ ਵਾਲੇ ਗੁਰਸਿੱਖ ਵਿਦਿਆਰਥੀਆਂ ਲਈ ਮੇਨ ਦੀ ਤਿਆਰੀ ਵਾਸਤੇ ਵੀ ਬਜ਼ਟ ਵਿੱਚ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤੇ ਜਾਣ ਦਾ ਫੈਸਲਾ ਜਿਥੇ ਇਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਲਈ ਹੈ, ਉਥੇ ਹੀ ਹੋਰ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਪ੍ਰਤੀ ਉਤਸ਼ਾਹਿਤ ਕਰਨਾ ਹੈ।ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਾਰਜ਼ਸ਼ੀਲ ਨਿਸ਼ਚੈ ਅਕੈਡਮੀ ਵਿੱਚ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੇ ਰੂਬਰੂ ਕਰਨ ਲਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ, ਤਾਂ ਜੋ ਤਿਆਰੀ ਕਰ ਰਹੇ ਵਿਦਿਆਰਥੀ ਪ੍ਰੇਰਣਾ ਲੈ ਸਕਣ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਉਤਸ਼ਾਹਤ ਕਰਨ, ਤਾਂ ਜੋ ਸਿੱਖ ਨੌਜੁਆਨ ਉੱਚ ਅਹੁੱਦਿਆਂ ’ਤੇ ਬੈਠ ਕੇ ਗੁਰੂ ਸਾਹਿਬ ਦੇ ਦਰਸਾਏ ਮਾਰਗ ਅਨੁਸਾਰ ਮਨੁੱਖਤਾ ਦੀ ਭਲਾਈ ਲਈ ਕਾਰਜ਼ ਕਰਨ।

Check Also

ਕਰਮਜੀਤ ਰਿੰਟੂ ਨੇ ਰਾਮਨਗਰ ਪੰਚਾਇਤ ‘ਚ ਸੜਕਾਂ ਤੇ ਗਲੀਆਂ ਬਣਾਉਣ ਦੇ ਕਾਰਜ਼ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ …