ਐਡਵੋਕੇਟ ਧਾਮੀ, ਗਿਆਨੀ ਗੜਗੱਜ ਤੇ ਗਿਆਨੀ ਟੇਕ ਸਿੰਘ ਨੇ ਸ਼ਹੀਦ ਪਰਿਵਾਰਾਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ) – ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ
ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਸ਼ਹੀਦੀ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਗਿਆ। ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਦੋਂ ਸਮੇਂ ਦੀ ਭਾਰਤੀ ਹਕੂਮਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਫੌਜਾਂ, ਟੈਂਕਾਂ, ਤੋਪਾਂ ਨਾਲ ਹਮਲਾ ਕੀਤਾ ਤਾਂ ਦਮਦਮੀ ਟਕਸਾਲ ਦੇ 14ਵੇਂ ਮੁਖੀ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਸਿੰਘਾਂ ਨੇ ਜਿਸ ਤਰ੍ਹਾਂ ਮੁਕਾਬਲਾ ਕਰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ, ਇਹ ਰਹਿੰਦੀ ਦੁਨੀਆਂ ਤੱਕ ਮਿਸਾਲੀ ਇਤਿਹਾਸ ਰਹੇਗਾ।ਇਸ ਘੱਲੂਘਾਰੇ ਦੌਰਾਨ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ, ਬੀਬੀਆਂ ਅਤੇ ਭੁਝੰਗੀਆਂ ਨੇ ਵੀ ਸ਼ਹਾਦਤਾਂ ਪ੍ਰਾਪਤ ਕੀਤੀਆਂ। ਸਿੱਖਾਂ ਨੇ 1984 ਤੋਂ ਪਹਿਲਾਂ ਵੀ ਦੋ ਘੱਲੂਘਾਰੇ ਝੱਲੇ ਪਰੰਤੂ ਇਹ ਤੀਜਾ ਘੱਲੂਘਾਰਾ ਆਪਣੇ ਹੀ ਮੁਲਕ ਅੰਦਰ ਲੋਕਤੰਤਰ ਦੇ ਰਾਜ ਅਧੀਨ ਕੀਤਾ ਗਿਆ।ਉਨ੍ਹਾਂ ਇਸ ਮੌਕੇ 1984 ਵਿਚ ਸ਼ਹੀਦ ਹੋਣ ਵਾਲੀਆਂ ਸਿੱਖ ਬੱਚੀਆਂ ਸਤਨਾਮ ਕੌਰ, ਵਾਹਿਗੁਰੂ ਕੌਰ ਅਤੇ ਬੀਬੀ ਉਪਕਾਰ ਕੌਰ ਦਾ ਵਿਸ਼ੇਸ਼ ਜ਼ਿਕਰ ਕੀਤਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰਾਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਇਸ ਦੇਸ਼ ਵਿਚ ਬਰਾਬਰ ਦੇ ਭਾਈਵਾਲ ਹਨ, ਦੂਜੇ ਦਰਜੇ ਦੇ ਸ਼ਹਿਰੀ ਨਹੀਂ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਿੱਖਾਂ ਨੇ ਪੂਰੀ ਦੁਨੀਆਂ ਅੰਦਰ ਸਰਬੱਤ ਦੇ ਭਲੇ ਦੇ ਸਿਧਾਂਤ ਉਤੇ ਪਹਿਰਾ ਦਿੰਦਿਆਂ ਅਤੇ ਮਨੁੱਖਤਾ ਦੀ ਸੇਵਾ ਕਰਦਿਆਂ ਆਪਣੀ ਵੱਖਰੀ ਪਛਾਣ ਕਾਇਮ ਕੀਤੀ ਹੈ।ਪਰੰਤੂ ਪਿੱਛਲੇ ਕੁੱਝ ਸਮੇਂ ਤੋਂ ਵਿਸ਼ਵ ਪੱਧਰ ਉਤੇ ਸਿੱਖਾਂ ਵਿਰੁੱਧ ਸਾਜ਼ਿਸ਼ ਤਹਿਤ ਬਹਾਨੇ ਬਣਾ ਕੇ ਉਨ੍ਹਾਂ ਦੀ ਵਿਲੱਖਣ ਪਛਾਣ ਅਤੇ ਕਕਾਰਾਂ ਨੂੰ ਨਫ਼ਰਤ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕੇ ਪੰਜਾਬ ਨੂੰ ਪੱਕੇ ਤੌਰ ‘ਤੇ ਨਾ ਛੱਡੀਏ ਅਤੇ ਆਪਣੀਆਂ ਪੰਜਾਬ ਦੀਆਂ ਜ਼ਮੀਨਾਂ ਵੀ ਨਾ ਵੇਚੀਏ।ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਕਾਨੂੰਨ ਨੂੰ ਸਿੱਖਾਂ ਦੀ ਸਹਿਮਤੀ ਤੋਂ ਬਿਨਾਂ ਠੋਸਣਾ ਚਾਹੁੰਦੀ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਮਸਲਾ ਤਾਂ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਅਤੇ ਸਿੱਖਾਂ ਨੂੰ ਇਨਸਾਫ਼ ਦੇਣ ਦਾ ਸੀ।ਪਰੰਤੂ ਸਰਕਾਰ ਸੇਵਾਦਾਰ ਸਿੱਖ ਧਿਰਾਂ ਅਤੇ ਕੇਂਦਰੀ ਸਿੱਖ ਸੰਸਥਾਵਾਂ ਨੂੰ ਹੀ ਆਪਣੇ ਕੰਟਰੋਲ ਵਿਚ ਕਰਨ ਵੱਲ ਤੁਰੀ ਹੈ।ਜਥੇਦਾਰ ਗੜਗੱਜ ਨੇ ਸਮੂਹ ਬੰਦੀ ਸਿੰਘਾਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਜਗਤਾਰ ਸਿੰਘ ਤਾਰਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੇੜਾ ਅਤੇ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਸਮੁੱਚੀ ਕੌਮ ਨੂੰ ਇੱਕਜੁਟ ਹੋ ਕੇ ਕਾਰਜ਼ ਕਰਨ ਲਈ ਕਿਹਾ।ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਬਾਣੀ ਸਾਨੂੰ ਵਾਤਾਵਰਣ ਤੇ ਕੁਦਰਤ ਦੀ ਸਾਂਭ ਸੰਭਾਲ ਦੀ ਸਿੱਖਿਆ ਦਿੰਦੀ ਹੈ।ਅਗਲੇ ਸਾਲ ਅੰਮ੍ਰਿਤਸਰ ਸ਼ਹਿਰ ਦਾ 450 ਸਾਲਾ ਸਥਾਪਨਾ ਦਿਹਾੜਾ ਮਨਾਇਆ ਜਾ ਰਿਹਾ ਹੈ।ਇਹ ਪਵਿੱਤਰ ਸ਼ਹਿਰ ਸ੍ਰੀ ਗੁਰੂ ਰਾਮਦਾਸ ਜੀ ਨੇ ਵਸਾਇਆ ਸੀ, ਪਰੰਤੂ ਸਰਕਾਰਾਂ ਗੁਰੂ ਨਗਰੀ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋਈਆਂ ਹਨ।ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਵੀ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ।ਉਨ੍ਹਾਂ ਕਿਹਾ ਕਿ ਸਿੱਖਾਂ ਦੇ ਕੇਂਦਰੀ ਅਸਥਾਨ ਨੂੰ ਨੁਕਸਾਨ ਪਹੁੰਚਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੋਲੀ ਨਾਲ ਜ਼ਖ਼ਮੀ ਕਰਕੇ ਸਿੱਖਾਂ ਨੂੰ ਜੋ ਮਾਨਸਿਕ ਪੀੜਾ ਦਿੱਤੀ ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਰਨਲ ਸ਼ੁਬੇਗ ਸਿੰਘ ਦੇ ਭਰਾ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ, ਕੁਲਦੀਪ ਸਿੰਘ ਰੋਡੇ, ਮਾਤਾ ਗੁਰਜੀਤ ਕੌਰ, ਮਾਤਾ ਜਗੀਰ ਕੌਰ ਸਮੇਤ ਸ਼ਹੀਦਾਂ ਦੇ ਕਈ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਅੱਜ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਜੂਨ 1984 ’ਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤਾਂ ਲਈ ਦਰਸ਼ਨਾਂ ਲਈ ਸੁਸ਼ੋਭਿਤ ਕੀਤੇ ਗਏ।
ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸਾਬਕਾ ਐਮ.ਪੀ ਸਿਮਰਨਜੀਤ ਸਿੰਘ ਮਾਨ, ਕੰਵਰਚੜ੍ਹਤ ਸਿੰਘ, ਕੰਵਰਪਾਲ ਸਿੰਘ ਦਲ ਖ਼ਾਲਸਾ, ਭਾਈ ਜਸਬੀਰ ਸਿੰਘ ਘੁੰਮਣ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਸਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ।
Punjab Post Daily Online Newspaper & Print Media