ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਵੀ ਹੋਵੇਗਾ ਆਯੋਜਨ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ
ਦੀ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਕਰਵਾਏ ਜਾਣਗੇ।ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ 11 ਜੂਨ 2026 ਨੂੰ ਦੁਸਹਿਰਾ ਗਰਾਊਂਡ ਰਣਜੀਤ ਐਵੀਨਿਊ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਨੂੰ ਸਮਰਪਿਤ ਇੱਕ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ।ਸਮਾਗਮ ਵਿੱਚ ਪ੍ਰਸਿੱਧ ਕੀਰਤਨੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਉਸੇ ਦਿਨ ਸਮਾਗਮ ਸਥਾਨ `ਤੇ ਇੱਕ ਵਿਸ਼ੇਸ਼ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੂਨ ਮਹੀਨੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਬਾਰੇ ਜਾਣੂ ਕਰਵਾਉਣ ਲਈ ਡਰੋਨ ਸ਼ੋਅ ਕਰਵਾਏ ਤੇ ਡਾਕੂਮੈਂਟਰੀ ਸ਼ੋਅ ਵੀ ਦਿਖਾਏ ਜਾਣਗੇ ਤਾਂ ਜੋ ਨੌਜਵਾਨ ਪੀੜ੍ਹੀ ਮਹਾਨ ਸੰਤ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਪ੍ਰੇਰਣਾ ਲੈ ਸਕੇ।ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਸੰਭਾਲ ਮੁਹਿੰਮ ਤਹਿਤ ਜਿਲ੍ਹਾ ਅੰਮ੍ਰਿਤਸਰ ਵਿੱਚ 6 ਲੱਖ 50 ਹਜ਼ਾਰ ਬੂਟੇ ਲਗਾਏ ਜਾ ਰਹੇ ਹਨ।
ਇਸ ਮੌਕੇ ਐਸ.ਡੀ.ਐਮ ਅੰਮ੍ਰਿਤਸਰ-2 ਗੁਰਮੰਦਰ ਸਿੰਘ, ਰੀਜਨਲ ਟਰਾਂਸਪੋਰਟ ਅਥਾਰਟੀ ਹਿਤੇਸ਼ ਕੁਮਾਰ, ਐਸ.ਈ. ਨਗਰ ਨਿਗਮ ਸੰਦੀਪ ਸਿੰਘ, ਸੈਰ ਸਪਾਟਾ ਅਫ਼ਸਰ ਸੁਖਮਨ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਮਾ, ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media