ਨਵੀਂ ਦਿੱਲੀ, 23 ਮਾਰਚ (ਅੰਮ੍ਰਿਤ ਲਾਲ ਮੰਨਣ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਬੰਗਲਾ ਸਾਹਿਬ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ 33 ਸਾਲ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਦਾ ਸ਼ੁਭ ਅਰੰਭ ਪੰਜ ਪਿਆਰਿਆਂ ਅਤੇ ਪੰਥ ਰਤਨ ਸਵ: ਬਾਬਾ ਹਰਬੰਸ ਸਿੰਘ ਕਾਰ ਸੇਵਾ ਵਾਲਿਆਂ ਦੇ ਸੇਵਕ ਬਾਬਾ ਬਚਨ ਸਿੰਘ ਵਲੋਂ ਕੀਤਾ ਗਿਆ। ਇਸ ਅਵਸਰ ‘ਤੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਅਤੇ ਧਾਰਮਿਕ ਸ਼ਖਸ਼ੀਅਤਾਂ ਤੇ ਵੱਡੀ ਗਿਣਤੀ ‘ਚ ਸੰਗਤਾਂ ਮੌਜੂਦ ਸਨ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ ਅਨੁਸਾਰ ਸਰੋਵਰ ਦੇ ਜਲ ਨੂੰ ਪ੍ਰਦੂਸ਼ਣ ਮੁਕਤ ਅਤੇ ਸਾਫ ਸੁਥਰਾ ਰੱਖਣ ਲਈ ਕਾਰ ਸੇਵਾ ਕਰਕੇ ਫਿਲਟਰਿੰਗ ਸਿਸਟਮ ਵੀ ਲਗਾਇਆ ਜਾਵੇਗਾ।
ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਮੀਤ ਪ੍ਰਧਾਨਤ ਤਨਵੰਤ ਸਿੰਘ, ਹਰਮੀਤ ਸਿੰਘ ਕਾਲਕਾ, ਅਵਤਾਰ ਸਿੰਘ ਹਿੱਤ, ਓਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਪਰਮਜੀਤ ਸਿੰਘ ਰਾਣਾ, ਵਿਧਾਇਕ ਜਤਿੰਦਰ ਸਿੰਘ ਸ਼ੰਟੀ ਆਦਿ ਨੇ ਵੀ ਸੇਵਾ ਵਿੱਚ ਹਿੱਸਾ ਲਿਆ।