Sunday, July 26, 2026

ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜ਼ਾ

ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ.ਡੀ.ਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਚਾਟੀਵਿੰਡ ਦੇ ਪੁਲਿਸ ਅਧਿਕਾਰੀਆਂ ਦੀ ਮੌਜ਼ੂਦਗੀ ਵਿੱਚ ਪਿੰਡ ਗੁਰੂਵਾਲੀ ਵਿਖੇ ਤਰਨ ਤਾਰਨ ਰੋਡ ਉੱਪਰ ਸੈਲੀਬ੍ਰੇਸ਼ਨ ਇਨਕਲੇਵ (ਐਕਸਟੈਂਸ਼ਨ) ਸਮੇਤ 2 ਹੋਰ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।ਜਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਗੁਰੂਵਾਲੀ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾ ਕੇ ਇਹਨਾਂ ਵਿਰੁੱਧ 15\06\2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜ਼ੂਦ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜ਼ਾਏ ਮੌਕੇ ‘ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ।ਇਸ ਲਈ ਉਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਇਸ ਤੋਂ ਇਲਾਵਾ ਪਿੰਡ ਗੁਰੂਵਾਲੀ ਵਿਖੇ ਵਿਕਸਿਤ ਸੈਲੀਬ੍ਰੇਸ਼ਨ ਇਨਕਲੇਵ ਦੇ ਇਲਾਕਾ ਨਿਵਾਸੀਆਂ ਵਲੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਕਲੋਨੀਕਾਰ ਵਲੋਂ ਉਕਤ ਕਲੋਨੀ ਵਿੱਚ ਪੱਕੀਆਂ ਸੜਕਾਂ, ਸੀਵਰੇਜ਼ ਪ੍ਰਣਾਲੀ, ਪੀਣ ਵਾਲੇ ਪਾਣੀ ਦੀ ਸਹੂਲਤ, ਸਟਰੀਟ ਲਾਈਟਾਂ, ਪਾਰਕਾਂ ਆਦਿ ਦੀਆਂ ਬੁਨਿਆਦੀ ਸੇਵਾਵਾਂ ਦਿੱਤੀਆਂ ਜਾਣਗੀਆਂ।ਪ੍ਰੰਤੂ ਇਹ ਸੁਵਿਧਾਵਾਂ ਨਹੀਂ ਦਿੱਤੀਆ ਗਈਆਂ ਅਤੇ ਉਕਤ ਕਲੋਨੀ ਦੀ ਐਕਸਟੈਂਸ਼ਨ ਕਰਦੇ ਹੋਏ ਨਵੀਂ ਪਲਾਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸਦੇ ਮੱਦੇਨਜ਼ਰ ਨਵੇਂ ਕੀਤੇ ਵਿਕਾਸ ਕਾਰਜ਼ਾਂ ਨੂੰ ਢਾਹਿਆ ਗਿਆ।
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ।ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ‘ਤੇ ਲਿਖਿਆ ਜਾ ਰਿਹਾ ਹੈ।
ਏ.ਡੀ.ਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵਲੋਂ ਜਾਰੀ ਕੀਤੀ ਗਈ ਮਨਜ਼ਰੀ ਦੀ ਮੰਗ ਜਰੂਰ ਕਰਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …