Wednesday, September 30, 2026

ਪਵਿੱਤਰ ਨਗਰੀ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਨਿਗਮ ਵੱਲੋਂ ਘਰ-ਘਰ ਕੂੜਾ ਇਕੱਠਾ ਕਰਨ ਬਾਰੇ ਜਾਗਰੂਕਤਾ ਮੁਹਿੰਮ ਤੇਜ਼

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨਗਰ ਨਿਗਮ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਨਗਰ ਨਿਗਮ ਅੰਮ੍ਰਿਤਸਰ (ਐਮ.ਸੀ.ਏ) ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਵਿਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੂਰੂ ਕੀਤੀ ਗਈ ਹੈ। ਕਮਿਸ਼ਨਰ ਨਗਰ ਨਿਗਮ ਦੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਦਾ ਕੂੜਾ ਸਿਰਫ਼ ਰੋਜ਼ਾਨਾ ਉਨ੍ਹਾਂ ਦੇ ਘਰਾਂ ਤੱਕ ਪਹੁੰਚਣ ਵਾਲੇ ਅਧਿਕਾਰਤ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਨੂੰ ਹੀ ਦੇਣ ਅਤੇ ਖੁਲ੍ਹੀਆਂ ਥਾਵਾਂ, ਖਾਲੀ ਪਲਾਟਾਂ, ਸੜਕਾਂ ਦੇ ਕਿਨਾਰਿਆਂ ਜਾਂ ਜਨਤਕ ਸਥਾਨਾਂ ’ਤੇ ਕੂੜਾ ਸੁਟਣ ਤੋਂ ਗੁਰੇਜ਼ ਕਰਨ।
ਉਨ੍ਹਾਂ ਨੇ ਨਾਗਰਿਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਘਰ ਵਿੱਚ ਹੀ ਵੱਖ-ਵੱਖ ਕਰਨ ਦੀ ਅਪੀਲ ਵੀ ਕੀਤੀ, ਤਾਂ ਜੋ ਕੂੜੇ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕੇ।ਇਸ ਮੁਹਿੰਮ ਤਹਿਤ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸੋਸ਼ਲ ਮੀਡੀਆ, ਜਨਤਕ ਐਲਾਨ ਅਤੇ ਜਾਣਕਾਰੀ ਸਮੱਗਰੀ ਰਾਹੀਂ ਨਿਯਮਿਤ ਕੂੜਾ ਇਕੱਠਾ ਕਰਨ ਦੇ ਲਾਭਾਂ ਬਾਰੇ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਨਗਰ ਨਿਗਮ ਨੇ ਸਮੂਹ ਸ਼ਹਿਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਕੂੜਾ ਸਿਰਫ਼ ਅਧਿਕਾਰਤ ਇਕੱਠਾ ਕਰਨ ਵਾਲੀਆਂ ਟੀਮਾਂ ਨੂੰ ਹੀ ਸੌਂਪਣ ਅਤੇ ਘਰਾਂ ਜਾਂ ਵਪਾਰਕ ਅਦਾਰਿਆਂ ਦੇ ਬਾਹਰ ਕੂੜਾ ਨਾ ਛੱਡਣ।ਜੇਕਰ ਕਿਸੇ ਇਲਾਕੇ ਵਿੱਚ ਨਿਰਧਾਰਤ ਸਮੇਂ ਅਨੁਸਾਰ ਕੂੜਾ ਇਕੱਠਾ ਕਰਨ ਵਾਲੀ ਗੱਡੀ ਨਹੀਂ ਪਹੁੰਚਦੀ, ਤਾਂ ਨਾਗਰਿਕ ਤੁਰੰਤ ਹੈਲਪਲਾਈਨ ਨੰਬਰ 1800-235-850, ਵਟਸਐਪ ਨੰਬਰ 7347031175 ਜਾਂ ਐਮ ਸੇਵਾ ਪੰਜਾਬ ਐਪ ਰਾਹੀਂ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ।
ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ “ਸਾਫ਼ ਅੰਮ੍ਰਿਤਸਰ, ਸੁੰਦਰ ਅੰਮ੍ਰਿਤਸਰ” ਨਗਰ ਨਿਗਮ ਦਾ ਸੰਕਲਪ ਹੈ ਅਤੇ ਸ਼ਹਿਰ ਨੂੰ ਸਾਫ਼, ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣ ਵਿੱਚ ਹਰ ਨਾਗਰਿਕ ਦੀ ਅਹਿਮ ਭੂਮਿਕਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …