Wednesday, September 30, 2026

ਖਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ‘ਤੇ ਛਬੀਲ ਲਗਾਈ ਗਈ

ਗੁਰੂ ਸਾਹਿਬ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਇੱਕ ਮਹਾਨ ਅਧਿਆਇ – ਉਪ ਕੁਲਪਤੀ ਡਾ. ਮਹਿਲ ਸਿੰਘ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਸ਼ਰਧਾ ਅਤੇ ਸਤਿਕਾਰ ਸਹਿਤ ਲਗਾਈ ਗਈ।ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਛਬੀਲ ਦੀ ਸ਼ੁਰੂਆਤ ਕਰਦੇ ਹੋਏ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਯਾਦ ਕੀਤਾ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਦਾ ਸੰਦੇਸ਼ ਦਿੱਤਾ।
ਡਾ. ਮਹਿਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੱਚ, ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਦੁੱਤੀ ਕੁਰਬਾਨੀ ਦਿੱਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਇੱਕ ਮਹਾਨ ਅਧਿਆਇ ਹੈ, ਜੋ ਸਾਨੂੰ ਹਰ ਹਾਲਤ ’ਚ ਸੱਚ ਦੇ ਮਾਰਗ ’ਤੇ ਚੱਲਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦੀ ਹੈ।
ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਅਜੋਕੇ ਸਮੇਂ ’ਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ਹੋਰ ਵੀ ਵਧ ਗਈ ਹੈ।ਸਾਨੂੰ ਆਪਸੀ ਭਾਈਚਾਰੇ, ਸਹਿਣਸ਼ੀਲਤਾ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਗੁਰੂ ਸਾਹਿਬ ਦੇ ਦਰਸਾਏ ਸਰਬੱਤ ਦੇ ਭਲੇ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਅਮਲੀ ਰੂਪ ’ਚ ਅਪਣਾਉਣ ਦਾ ਸੰਦੇਸ਼ ਵੀ ਦਿੱਤਾ ਗਿਆ।ਡਾ. ਮਹਿਲ ਸਿੰਘ, ਪ੍ਰਿੰ: ਡਾ. ਰੰਧਾਵਾ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨਾਲ ਮਿਲ ਕੇ ਰਾਹਗੀਰਾਂ, ਆਮ ਲੋਕਾਂ ਆਦਿ ਨੂੰ ਠੰਢਾ-ਮਿੱਠਾ ਜਲ, ਸ਼ਰਬਤ ਅਤੇ ਹੋਰ ਪਦਾਰਥਾਂ ਦੀ ਛਬੀਲ ਵਰਤਾਈ।ਉਨ੍ਹਾਂ ਮਨੁੱਖਤਾ ਦੀ ਭਲਾਈ ਲਈ ਅਰਦਾਸ ਵੀ ਕੀਤੀ।
ਇਸ ਮੌਕੇ ਸਿੱਖ ਇਤਿਹਾਸ ਖੋਜ਼ ਕੇਂਦਰ ਦੇ ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਤਮਿੰਦਰ ਸਿੰਘ ਭਾਟੀਆ, ਡਾ. ਦਲਜੀਤ ਸਿੰਘ, ਪ੍ਰੋ: ਸਤਨਾਮ ਸਿੰਘ ਸਮੇਤ ਹੋਰ ਕਰਮਚਾਰੀ ਅਤੇ ਵਿਦਿਆਰਥੀ ਵੱਡੀ ਗਿਣਤੀ ’ਚ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …