ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ-2026) ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਵਿਧਾਨ ਸਭਾ ਹਲਕਾ 019-ਅੰਮ੍ਰਿਤਸਰ ਦੱਖਣੀ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੀ ਸਿਖਲਾਈ ਕਰਵਾਈ ਗਈ।
ਇਸ ਸਿਖਲਾਈ ਪ੍ਰੋਗਰਾਮ ਦੀ ਅਗਵਾਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਵਧੀਕ ਕਮਿਸ਼ਨਰ ਜੈ ਇੰਦਰ ਸਿੰਘ ਵੱਲੋਂ ਕੀਤੀ ਗਈ।ਸਿਖਲਾਈ ਦੌਰਾਨ ਬੀ.ਐਲ.ਓਜ਼ ਨੂੰ ਐਸ.ਆਈ.ਆਰ-2026 ਦੇ ਸਮੁੱਚੇ ਪ੍ਰੋਗਰਾਮ, ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਸਿਖਲਾਈ ਦੌਰਾਨ ਬੀ.ਐਲ.ਓਜ਼ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਆਮ ਹਦਾਇਤਾਂ, ਦਸਤਾਵੇਜ਼ਾਂ ਦੀ ਜਾਂਚ, ਯੋਗ ਵੋਟਰਾਂ ਦੀ ਪਛਾਣ, ਮ੍ਰਿਤਕ ਜਾਂ ਸਥਾਨ ਤਬਦੀਲ ਕਰ ਚੁੱਕੇ ਵੋਟਰਾਂ ਦੇ ਵੇਰਵਿਆਂ ਦੀ ਤਸਦੀਕ ਅਤੇ ਆਨਲਾਈਨ ਡਾਟਾ ਐਂਟਰੀ ਦੀ ਪ੍ਰਕਿਰਿਆ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਹ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਮੁਹਿੰਮ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਪਾਰਦਰਸ਼ੀ, ਸ਼ੁੱਧ ਅਤੇ ਅੱਪਡੇਟ ਬਣਾਉਣ ਲਈ ਬਹੁਤ ਮਹੱਤਵਪੂਰਨ ਹੈ।ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਹਰ ਯੋਗ ਵੋਟਰ ਤੱਕ ਪਹੁੰਚ ਕਰਕੇ ਗਣਨਾ ਫਾਰਮ ਮੁਹੱਈਆ ਕਰਵਾਇਆ ਜਾਵੇ ਅਤੇ ਸਮੇਂ ਸਿਰ ਇਸ ਦੀ ਪ੍ਰਾਪਤੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਦੱਸਿਆ ਕਿ ਸਾਰੇ ਬੀ.ਐਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਕਰਨਗੇ ਅਤੇ ਨਾਗਰਿਕਾਂ ਨੂੰ ਫਾਰਮ ਭਰਨ ਸਬੰਧੀ ਲੋੜੀਂਦੀ ਜਾਣਕਾਰੀ ਵੀ ਦੇਣਗੇ।ਪ੍ਰਾਪਤ ਫਾਰਮਾਂ ਨੂੰ ਨਿਰਧਾਰਤ ਸਮੇਂ ਅੰਦਰ ਆਨਲਾਈਨ ਅਪਲੋਡ ਕਰਕੇ ਦਫ਼ਤਰ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ ਤਾਂ ਜੋ ਡਰਾਫਟ ਵੋਟਰ ਸੂਚੀ ਦਾ ਖਰੜਾ ਤਿਆਰ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਦਾ ਪੂਰਾ ਸਹਿਯੋਗ ਕਰਨ ਅਤੇ ਗਣਨਾ ਫਾਰਮ ਸਹੀ ਜਾਣਕਾਰੀ ਨਾਲ ਭਰ ਕੇ ਸਮੇਂ ਸਿਰ ਜਮ੍ਹਾਂ ਕਰਵਾਉਣ।
ਇਸ ਮੌਕੇ ਇਲੈਕਸ਼ਨ ਕਾਨੂੰਨਗੋ ਰਾਜਵਿੰਦਰ ਸਿੰਘ ਬੱਲ ਅਤੇ ਇਲੈਕਸ਼ਨ ਇੰਚਾਰਜ਼ ਸੰਜੀਵ ਕਾਲੀਆ ਨੇ ਦੱਸਿਆ ਕਿ 20 ਤੋਂ 22 ਜੂਨ 2026 ਤੱਕ ਬੀ.ਐਲ.ਓਜ਼ ਨੂੰ ਚੋਣ ਸਮੱਗਰੀ ਅਤੇ ਗਣਨਾ ਫਾਰਮਾਂ ਦੀ ਵੰਡ ਕੀਤੀ ਜਾਵੇਗੀ। ਇਸ ਉਪਰੰਤ 25 ਜੂਨ 2026 ਤੋਂ ਬੀ.ਐਲ.ਓਜ਼ ਆਪਣੇ-ਆਪਣੇ ਬੂਥ ਖੇਤਰਾਂ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ ਦਾ ਕੰਮ ਸ਼ੁਰੂ ਕਰਨਗੇ।ਇਸ ਸਿਖਲਾਈ ਪ੍ਰੋਗਰਾਮ ਵਿੱਚ ਹਲਕਾ 019-ਅੰਮ੍ਰਿਤਸਰ ਦੱਖਣੀ ਨਾਲ ਸਬੰਧਤ ਸਮੂਹ ਬੀ.ਐਲ.ਓਜ਼, ਚੋਣ ਅਮਲਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …
Punjab Post Daily Online Newspaper & Print Media