Sunday, July 5, 2026

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ

ਪੇਸ਼ ਕੀਤੇ ਗੁਰਮਤੇ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ’ਚ ਦਿੱਤੀ ਪ੍ਰਵਾਨਗੀ
ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਾਹਿਬਾਨ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਐਲਾਨਣ ਦੇ ਫੈਸਲੇ ਦੀ ਪ੍ਰੋੜ੍ਹਤਾ ਲਈ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਠ ਕੀਤਾ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਵੱਲੋਂ ਗਿਆਨੀ ਪਰਮਵੀਰ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਮੇਜਰ ਸਿੰਘ ਸੋਢੀ ਤਰਨਾ ਦਲ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
 ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਤ ਕੀਤਾ ਸੱਚਾ ਤਖ਼ਤ ਹੈ, ਜਿਸ ਦੀ ਸਰਵਉੱਚਤਾ ਨੂੰ ਕੋਈ ਵੀ ਚੁਣੌਤੀ ਨਹੀਂ ਦੇ ਸਕਦਾ। ਇਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਹੈ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਆਦੇਸ਼ ਦੀ ਪ੍ਰੋੜ੍ਹਤਾ ਲਈ ਸਮੁੱਚੇ ਪੰਥ ਦਾ ਇਕਜੁੱਟ ਹੋ ਕੇ ਖੜ੍ਹਨਾ ਉਨ੍ਹਾਂ ਲੋਕਾਂ ਨੂੰ ਜਵਾਬ ਹੈ, ਜੋ ਇਸ ਦੀ ਮਾਣ-ਮਰਯਾਦਾ ਤੇ ਪ੍ਰੰਪਰਾਵਾਂ ਨੂੰ ਢਾਹ ਲਗਾਉਣ ਦੇ ਯਤਨ ਕਰ ਰਹੇ ਹਨ।ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਤੇ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਮੂਹ ਜਥੇਬੰਦੀਆਂ ਦੀ ਸਹਿਮਤੀ ਨਾਲ ਇਕ ਮਤਾ ਵੀ ਪੇਸ਼ ਕੀਤਾ ਗਿਆ, ਜਿਸ ਨੂੰ ਸਮੂਹ ਜਥੇਬੰਦੀਆਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਦਾ ਸਦੀਵੀ ਤਖ਼ਤ ਹੈ। ਸਮੇਂ ਦੀਆਂ ਹਕੂਮਤਾਂ ਵੱਲੋਂ ਕਈ ਵਾਰ ਇਸ ਤਖ਼ਤ ’ਤੇ ਹਮਲੇ ਹੋਏ, ਜਿਸ ਦਾ ਖ਼ਾਲਸੇ ਨੇ ਹਮੇਸ਼ਾ ਡੱਟ ਕੇ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਤਾਕਤਾਂ ਭਰਮ ਪਾਲ ਬੈਠੀਆਂ ਹਨ, ਉਨ੍ਹਾਂ ਨੂੰ ਇਤਿਹਾਸ ਨਹੀਂ ਭੁੱਲਣਾ ਚਾਹੀਦਾ ਕਿ ਵੱਡਿਆਂ-ਵੱਡਿਆਂ ਨੂੰ ਵੀ ਅਖ਼ੀਰ ਇਸ ਤਖ਼ਤ ’ਤੇ ਝੁਕਣਾ ਪਿਆ ਸੀ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਸਥਾਵਾਂ ਖ਼ਿਲਾਫ਼ ਕੀਤੇ ਜਾ ਰਹੇ ਭੰਡੀ ਪ੍ਰਚਾਰ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੂੰ ਤਾੜਨਾ ਕੀਤੀ ਕਿ ਚੰਡੀਗੜ੍ਹ ਤੇ ਮੋਹਾਲੀ ਵਿੱਚ ਬਾਹਰੋਂ ਆ ਕੇ ਜੋ ਲੋਕ ਸ਼ੋਸ਼ਲ ਮੀਡੀਆ ’ਤੇ ਅਜਿਹੀਆਂ ਹਰਕਤਾਂ ਕਰ ਰਹੇ ਹਨ, ਉਨ੍ਹਾਂ ਨੂੰ 10 ਦਿਨਾਂ ਦੇ ਅੰਦਰ-ਅੰਦਰ ਬੰਦ ਕੀਤਾ ਜਾਵੇ। ਇਹ ਵਰਤਾਰਾ ਬੰਦ ਨਾ ਹੋਇਆ ਤਾਂ ਖ਼ਾਲਸਾ ਪੰਥ ਆਪ ਐਕਸ਼ਨ ਲੈਣ ਲਈ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਨੌਜੁਆਨੀ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਮੀਰੀ ਪੀਰੀ ਦਿਵਸ ਮੌਕੇ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਖ਼ਾਲਸਾ ਵਹੀਰ ਚਲਾਈ ਜਾਵੇਗੀ, ਜਿਸ ਦਾ ਮਕਸਦ ਧਰਮ ਦੇ ਪ੍ਰਚਾਰ ਪ੍ਰਸਾਰ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨਾ ਹੋਵੇਗਾ।
ੳੇੁਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਹਰ ਸਾਲ ਪੰਥਕ ਜਥੇਬੰਦੀਆਂ ਨੂੰ ਨਾਲ ਲੈ ਕੇ ਵੱਡੇ ਪੱਧਰ ’ਤੇ ਮਨਾਉਣ ਲਈ ਵੀ ਆਖਿਆ।ਨਿਹੰਗ ਸਿੰਘ ਦਲਾਂ ਵੱਲੋਂ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਤੇ ਬਾਬਾ ਮੇਜਰ ਸਿੰਘ ਸੋਢੀ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਸਮੂਹ ਨਿਹੰਗ ਸਿੰਘ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਹਰ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਗੇ।
ਇਸੇ ਦੌਰਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ ਵੱਲੋਂ ਬਾਬਾ ਸੁਖਦੇਵ ਸਿੰਘ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਐਡਵੋਕੇਟ ਪੂਰਨ ਸਿੰਘ ਹੁੰਦਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਬਾਬਾ ਪ੍ਰੀਤਮ ਸਿੰਘ ਡੁਮੇਲੀ ਵਾਲੇ, ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਕਿਸਾਨ ਆਗੂ ਹਰਿੰਦਰ ਸਿੰਘ ਲੱਖੇਵਾਲ, ਬਲਬੀਰ ਸਿੰਘ ਰਾਜੇਵਾਲ, ਬਾਬਾ ਹਾਕਮ ਸਿੰਘ ਨਿਰਮਲੇ ਸੰਪ੍ਰਦਾ, ਅਮਰੀਕ ਸਿੰਘ ਬੱਲੋਵਾਲ, ਕਥਾਵਾਚਕ ਭਾਈ ਜਸਵੰਤ ਸਿੰਘ, ਬਾਬਾ ਪ੍ਰੀਤਮ ਸਿੰਘ ਡੁਮੇਲੀਵਾਲੇ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਨੇ ਵੀ ਸੰਬੋਧਨ ਕੀਤਾ।
ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਨਿਸ਼ਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਹੋਰ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ 4 ਜੁਲਾਈ 1955 ਨੂੰ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 …