Sunday, July 12, 2026

ਨਵੀਆਂ ਵਿਕਸਿਤ ਹੋ ਰਹੀਆਂ 3 ਅਣ ਅਧਿਕਾਰਿਤ ਕਲੋਨੀਆਂ ਉਪਰ ਚੱਲਿਆ ਪੀਲਾ ਪੰਜ਼ਾ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ.ਡੀ.ਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੱਥੂਨੰਗਲ ਅਤੇ ਥਾਣਾ ਮਜੀਠਾ ਦੇ ਪੁਲਿਸ ਅਧਿਕਾਰੀਆਂ ਦੀ ਮੌਜ਼ੂਦਗੀ ਵਿੱਚ ਪਿੰਡ ਕੱਥੂਨੰਗਲ ਵਿਖੇ ਬੋਪਾਰਾਏ ਰੋਡ ਉਪਰ ਬਣ ਰਹੀ ਅਣ-ਅਧਿਕਾਰਤ ਕਲੋਨੀ ਅਤੇ ਪਿੰਡ ਨਾਗ ਕਲਾਂ ਵਿਖੇ ਬਣ ਰਹੀ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।ਪਿੰਡ ਨੰਗਲੀ ਵਿਖੇ ਵੀ ਦਸ਼ਮੇਸ਼ ਐਵਨਿਊ ਦੇ ਨਾਮ ਹੇਠ ਵਿਕਸਤ ਅਣ-ਅਧਿਕਾਰਤ ਕਲੋਨੀ ਵਿਖੇ ਪੁਲਿਸ ਅਧਿਕਾਰੀਆਂ ਦੀ ਗੈਰ ਮੌਜ਼ੂਦਗੀ ਵਿੱਚ ਕਲੋਨੀ ਨੂੰ ਢਾਹ ਦਿੱਤਾ ਗਿਆ।
ਜਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੱਥੂਨੰਗਲ, ਮਜੀਠਾ ਅਤੇ ਪਿੰਡ ਨੰਗਲੀ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ।ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜ਼ੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜ਼ੂਦ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜ਼ਾਏ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ‘ਤੇ ਉਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ।
ਉਨ੍ਹਾਂ ਕਿਹਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ ਅਤੇ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ‘ਤੇ ਕਾਰਵਾਈ ਲਈ ਲਿਖਿਆ ਜਾ ਰਿਹਾ ਹੈ।ਏ.ਡੀ.ਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉਪਰ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

Check Also

ਕੇਟੀ:ਕਲਾ ਮਿਊਜ਼ੀਅਮ ਨੇ ਆਪਣਾ 16ਵਾਂ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ) – ਕੇਟੀ:ਕਲਾ ਮਿਊਜ਼ੀਅਮ ਨੇ ਆਪਣਾ 16ਵਾਂ ਸਥਾਪਨਾ ਦਿਵਸ ਮਨਾਇਆ।ਇਸ ਸਮਾਗਮ …