ਯੂਨੀਵਰਸਿਟੀਆਂ ਰਾਸ਼ਟਰ ਦੀ ਆਤਮਾ ਨੂੰ ਆਕਾਰ ਦਿੰਦੀਆਂ – ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ
ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਰਾਜਪਾਲ ਅਤੇ ਗਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ
ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਕੇਵਲ ਰੁਜ਼ਗਾਰ ਪ੍ਰਾਪਤ ਕਰਨਾ ਨਹੀਂ, ਸਗੋਂ ਅਜਿਹੇ ਜ਼ਿੰਮੇਵਾਰ, ਸੰਵੇਦਨਸ਼ੀਲ ਅਤੇ ਨੈਤਿਕ ਨਾਗਰਿਕ ਤਿਆਰ ਕਰਨਾ ਹੁੰਦਾ ਹੈ, ਜੋ ਸਮਾਜ ਅਤੇ ਰਾਸ਼ਟਰ ਦੇ ਵਿਕਾਸ ਵਿੱਚ ਸਰਗਰਮ ਯੋਗਦਾਨ ਪਾਉਣ। ਅਜਿਹਾ ਉਹਨਾਂ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 51ਵੀਂ ਕਨਵੋਕੇਸ਼ਨ ਵਿਚ 456 ਵਿਦਿਆਰਥੀਆਂ ਜਿਨ੍ਹਾਂ ਵਿੱਚ 3 ਵਿਦਿਆਰਥੀਆਂ ਨੂੰ `ਚਾਂਸਲਰ ਮੈਡਲ`, 35 ਹੋਣਹਾਰ ਵਿਦਿਆਰਥੀਆਂ ਨੂੰ `ਮੈਮੋਰੀਅਲ ਮੈਡਲ`, 82 ਖੋਜ-ਵਿਦਿਆਰਥੀਆਂ ਨੂੰ ਪੀ.ਐਚ.ਡੀ ਅਤੇ 336 ਵਿਦਿਆਰਥੀਆਂ ਨੂੰ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਡਿਗਰੀਆਂ ਅਤੇ ਨਿਊਯਾਰਕ (ਅਮਰੀਕਾ) ਦੇ ਪ੍ਰਸਿੱਧ ਅਟਾਰਨੀ-ਐਟ-ਲਾਅ ਜਸਪ੍ਰੀਤ ਸਿੰਘ ਨੂੰ ਆਨਰਜ਼ ਕਾਜ਼ਾ ਡਿਗਰੀ ਪ੍ਰਦਾਨ ਕਰਨ ਸਮੇਂ ਸੰਬੋਧਨ ਕੀਤਾ।ਉਨ੍ਹਾਂ ਨੇ ਅਕਾਦਮਿਕ ਸਿੱਖਿਆ ਪੂਰੀ ਕਰਨ ਉਪਰੰਤ ਸਮਾਜ ਵਿੱਚ ਕਦਮ ਰੱਖਣ ਜਾ ਰਹੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਹ ਸਿਰਫ਼ ਇਕ ਯੂਨਰਸਿਟੀ ਨਹੀਂ ਹੈ, ਸਗੋਂ ਉੱਚ ਸਿੱਖਿਆ, ਖੋਜ਼ ਅਤੇ ਕਦਰਾਂ-ਕੀਮਤਾਂ ਦਾ ਇਕ ਚਾਨਣ-ਮੁਨਾਰਾ ਹੈ, ਜਿਸ ਨੇ ਦੇਸ਼ ਅਤੇ ਦੁਨੀਆਂ ਨੂੰ ਅਣਗਿਣਤ ਪ੍ਰਤਿਭਾਵਾਂ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਇਹ ਵੱਕਾਰੀ ਸੰਸਥਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਥਾਪਨਾ ਸਾਲ 1969 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ‘ਤੇ ਕੀਤੀ ਗਈ ਸੀ। ਇਹ ਸਿਰਫ਼ ਇਕ ਯੂਨੀਵਰਸਿਟੀ ਦੀ ਸਥਾਪਨਾ ਨਹੀਂ ਸੀ, ਸਗੋਂ ਪੰਜਾਬ ਅਤੇ ਦੇਸ਼ ਦੀ ਸਭਿਆਚਾਰਕ, ਅਧਿਆਤਮਿਕ ਅਤੇ ਵਿੱਦਿਅਕ ਵਿਰਾਸਤ ਨੂੰ ਇੱਕ ਨਵੀਂ ਦਿਸ਼ਾ ਦੇਣ ਦਾ ਇਕ ਰਾਸ਼ਟਰੀ ਸੰਕਲਪ ਸੀ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੂੰ ਉਨ੍ਹਾਂ ਵੱਲੋਂ ਉਚ-ਸਿਖਿਆ ਅਤੇ ਹੋਰ ਖੇਤਰਾਂ ਵਿੱਚ ਪਾਏ ਅਹਿਮ ਯੋਗਦਾਨ ਸਦਕਾ ਹੋਰਨਾਂ ਸਨਮਾਨਾਂ ਤੋਂ ਇਲਾਵਾ ਪੰਜਾਬ ਰਤਨ ਪੁਰਸਕਾਰ ਅਤੇ ਡਾ. ਮਹਿੰਦਰ ਸਿੰਘ ਰੰਧਾਵਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਜੋ ਕਿ ਇੱਕ ਮਾਣ ਵਾਲੀ ਗਲ ਹੈ।ਪੰਜ਼ ਦਹਾਕਿਆਂ ਤੋਂ ਵੱਧ ਸਮੇਂ ਦੇ ਸਫ਼ਰ ਵਿੱਚ, ਇਸ ਯੂਨੀਵਰਸਿਟੀ ਨੇ ਸਿੱਖਿਆ, ਖੋਜ, ਖੇਡਾਂ, ਸਭਿਆਚਾਰ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ।
ਇਸ ਯਾਦਗਾਰ ਮੌਕੇ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਯੂਨੀਵਰਸਿਟੀ ਵੱਲੋਂ ਨਿਊਯਾਰਕ (ਅਮਰੀਕਾ) ਦੇ ਪ੍ਰਸਿੱਧ ਅਟਾਰਨੀ-ਐਟ-ਲਾਅ ਜਸਪ੍ਰੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਤੇ ਦੇਸ਼ ਦੇ ਅਕਾਦਮਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣ ਸਦਕਾ ਆਨਰਜ਼ ਕਾਜ਼ਾ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ।
ਮੰਚ ਉਪਰ ਉਚੇਰੀ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ, ਐਡੀਸ਼ਨ ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ ਆਈ.ਏ.ਐਸ, ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਵਿੰਦਰ ਸਿੰਘ ਸੈਣੀ, ਰਜਿਸਟਰਾਰ ਪ੍ਰੋ. ਕੇ.ਐਸ ਚਾਹਲ ਤੋਂ ਇਲਾਵਾ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਦੇ ਮੈਂਬਰ ਹਾਜ਼ਰ ਸਨ।ਅਕਾਦਮਿਕ ਕੌਂਸਲ ਦੇ ਮੈਂਬਰਾਂ, ਡੀਨਜ਼, ਵਿਭਾਗ ਮੁਖੀਆਂ, ਅਧਿਆਪਕਾਂ, ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਹੋਰ ਪਤਵੰਤਿਆਂ ਤੋਂ ਇਲਾਵਾ ਮੈਂਬਰ ਪਾਰਲੀਮੈਂ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ, ਰਾਜ ਕੁਮਾਰ ਚੱਬੇਵਾਲ ਐਮ.ਐਲ.ਏ. ਡਾ. ਵਿਧਾਇਕ ਇੰਦਰਬੀਰ ਸਿੰਘ ਨਿੱਜ਼ਰ, ਮੇਅਰ ਜਤਿੰਦਰ ਸਿੰਘ ਭਾਟੀਆ, ਐਸ.ਜੀ.ਪੀ.ਸੀ ਮੈਂਬਰ ਰਜਿੰਦਰ ਸਿੰਘ ਮਹਿਤਾ ਨੇ ਇਸ ਮੌਕੇ ਵਿਸ਼ੇਸ਼ ਸ਼ਮੂਲੀਅਤ ਕੀਤੀ।
ਆਪਣੇ ਸੰਬੋਧਨ ਵਿਚ ਮਾਨਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਕਨਵੋਕੇਸ਼ਨ ਕਿਸੇ ਵੀ ਅਕਾਦਮਿਕ ਅਦਾਰੇ ਦਾ ਸਭ ਤੋਂ ਵੱਡਾ ਉਤਸਵ ਹੁੰਦੀ ਹੈ।ਉਨ੍ਹਾਂ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਸਾਰੇ ਹੀ ਵਿਦਿਆਰਥੀਆਂ ਨੂੰ ਮੰਚ ਉਪਰ ਬੁਲਾ ਕੇ ਮੈਡਲ ਅਤੇ ਡਿਗਰੀਆਂ ਦਿੱਤੀਆਂ ਗਈਆਂ ਹਨ।ਉਨ੍ਹ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਇਕ ਯੂਨੀਵਰਸਿਟੀ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਜਾਂ ਉਨ੍ਹਾਂ ਨੂੰ ਡਿਗਰੀਆਂ ਪ੍ਰਦਾਨ ਕਰਨ ਤੋਂ ਉੱਪਰ ਹੁੰਦੀ ਹੈ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਰਾਸ਼ਟਰ ਦੀ ਆਤਮਾ ਨੂੰ ਆਕਾਰ ਦਿੰਦੀਆਂ ਹਨ ਅਤੇ ਇਕ ਯੂਨੀਵਰਸਿਟੀ ਸਮਾਜ ਦੀ ਚੇਤਨਾ ਨੂੰ ਵੀ ਆਕਾਰ ਦਿੰਦੀ ਹੈ।
Punjab Post Daily Online Newspaper & Print Media