ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਪ੍ਰਬੰਧ ਸੁਧਾਰ ਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ
ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਈ ਗਈ।ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਤੇ ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਬਿਹ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਲਿਆ।ਉਨ੍ਹਾਂ ਕਥਾ-ਵਿਚਾਰ ਕਰਦਿਆਂ ਸੰਗਤਾਂ ਨੂੰ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ਸੰਘਰਸ਼ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਕੁਰਬਾਨੀ ਵਾਲੀ ਉਹ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਥ ਦੇ ਲੇਖੇ ਲਾਇਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੌਰਾਨ ਸਿੱਖ ਯੋਧਿਆਂ ਨੇ ਅਜਿੱਤ ਕਹੀ ਜਾਣ ਵਾਲੀ ਅੰਗਰੇਜ਼ ਹਕੂਮਤ ਖਿਲਾਫ਼ ਮੋਰਚਾ ਲਾਇਆ ਅਤੇ ਸਰਕਾਰ ਦੇ ਜ਼ੁਲਮਾਂ ਵਿਰੁੱਧ ਜਿੱਤ ਹਾਸਲ ਕਰਦਿਆਂ ਪੰਥ ਦਾ ਨਾਂ ਉੱਚਾ ਕੀਤਾ।ਉਸ ਵਕਤ ਸਾਡੇ ਆਗੂਆਂ ਨੇ ਸੱਚ ਦੀ ਅਵਾਜ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਕਾਲੀ ਅਖ਼ਬਾਰ ਆਰੰਭ ਕੀਤਾ ਸੀ।ਅੱਜ ਵੀ ਲੋੜ ਹੈ ਕਿ ਸਾਡੀ ਅਜ਼ਾਦ ਪ੍ਰੈਸ ਹੋਵੇ, ਇਸ ਲਈ ਪੰਥ ਨੂੰ ਯਤਨ ਕਰਨੇ ਚਾਹੀਦੇ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਪੰਥ ਲਈ ਉਦੋਂ ਸੰਘਰਸ਼ ਲੜਿਆ ਜਦੋਂ ਅੰਗਰੇਜ਼ ਹਕੂਮਤ ਦਾ ਪੂਰਾ ਜ਼ੋਰ ਸੀ ਅਤੇ ਮਹੰਤਾਂ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਮਨਮਤਾਂ ਕੀਤੀਆਂ ਜਾ ਰਹੀਆਂ ਸਨ।ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਜਿਨ੍ਹਾਂ ਸੂਰਬੀਰਾਂ ਨੇ ਇਸ ਵਿਰੁੱਧ ਸੰਘਰਸ਼ ਲੜਿਆ, ਉਨ੍ਹਾਂ ਵਿੱਚੋਂ ਸ. ਤੇਜਾ ਸਿੰਘ ਸਮੁੰਦਰੀ ਮੋਹਰੀ ਆਗੂ ਸਨ।ਐਡਵੋਕੇਟ ਧਾਮੀ ਨੇ ਸ. ਤੇਜਾ ਸਿੰਘ ਸਮੁੰਦਰੀ ਵੱਲੋਂ ਨਿਰਸਵਾਰਥ ਭਾਵ ਨਾਲ ਪੰਥ ਲਈ ਕੀਤੀ ਸੇਵਾ ਨੂੰ ਯਾਦ ਕਰਦਿਆਂ ਨੌਜੁਆਨੀ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਉਹ ਸ. ਤੇਜਾ ਸਿੰਘ ਸਮੁੰਦਰੀ ਦੀ ਵਿਰਾਸਤ ਵਿੱਚੋਂ ਹਨ। ਉਨ੍ਹਾਂ ਕਿਹਾ ਕਿ ਸ. ਸਮੁੰਦਰੀ ਨੇ ਹਮੇਸ਼ਾ ਪੰਥ ਦੀ ਗੱਲ ਕੀਤੀ। ਜੇ ਲੋੜ ਪਈ ਤਾਂ ਉਹ ਆਪਣੀ ਜਾਇਦਾਦ ਵੀ ਪੰਥ ਲੇਖੇ ਲਾਉਣ ਤੋਂ ਪਿੱਛੇ ਨਹੀਂ ਹਟੇ।ਸ. ਤੇਜਾ ਸਿੰਘ ਸਮੁੰਦਰੀ ਦੇ ਪਰਿਵਾਰਕ ਮੈਂਬਰ ਤਰਨਜੀਤ ਸਿੰਘ ਸੰਧੂ, ਬੀਬੀ ਸਿਮਰਨ ਕੌਰ ਸੰਧੂ, ਬੀਬੀ ਕਿਰਨ ਕੌਰ ਸੰਧੂ, ਗੁਰਜੀਤ ਸਿੰਘ ਸੰਧੂ, ਬੀਬੀ ਸੁਨੀਤਾ ਕੌਰ ਸੰਧੂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।
ਸਮਾਗਮ ਮੌਕੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਅਤੇ ਸੰਗਤਾਂ ਮੌਜੂਦ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media