ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਐਸਟੇਟ ਵਿੰਗ ਵੱਲੋਂ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਬਟਾਲਾ ਰੋਡ, ਵੇਰਕਾ
ਬਾਈਪਾਸ ਅਤੇ ਰਾਮ ਤਲਾਈ ਰੋਡ ’ਤੇ ਵਿਸ਼ੇਸ਼ ਕਾਰਵਾਈ ਕਰਦਿਆਂ ਸੜਕਾਂ, ਫੁੱਟਪਾਥਾਂ ਅਤੇ ਸਰਕਾਰੀ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ।ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਕੇ ਰੱਖਿਆ ਗਿਆ ਸਮਾਨ, ਡਿਸਪਲੇ ਆਈਟਮਾਂ ਅਤੇ ਹੋਰ ਸਮੱਗਰੀ ਜ਼ਬਤ ਕੀਤੀ ਗਈ।ਸੜਕਾਂ ਅਤੇ ਫੁੱਟਪਾਥਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ।ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਅਤੇ ਸਕੱਤਰ-ਕਮ-ਐਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ।ਮੁਹਿੰਮ ਵਿੱਚ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਸਮੇਤ ਐਸਟੇਟ ਵਿੰਗ ਦੀ ਟੀਮ ਨੇ ਹਿੱਸਾ ਲਿਆ।ਨਗਰ ਨਿਗਮ ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਥਾਵਾਂ ’ਤੇ ਨਾਜਾਇਜ਼ ਕਬਜ਼ਿਆਂ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਲਈ ਅਜਿਹੇ ਕਬਜ਼ਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਨਗਰ ਨਿਗਮ ਨੇ ਦੁਕਾਨਦਾਰਾਂ ਅਤੇ ਕਬਜ਼ਾਕਾਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰੀ ਜਗ੍ਹਾ ’ਤੇ ਕਬਜ਼ਾ ਕੀਤਾ ਗਿਆ ਤਾਂ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕਰਦੇ ਹੋਏ ਸਮਾਨ ਜ਼ਬਤ ਕੀਤਾ ਜਾਵੇਗਾ ਅਤੇ ਜ਼ੁਰਮਾਨਾ ਵੀ ਲਗਾਇਆ ਜਾਵੇਗਾ।
Punjab Post Daily Online Newspaper & Print Media