Wednesday, August 26, 2026

‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਨੇ 30 ਲੱਖ ਦਾ ਅੰਕੜਾ ਕੀਤਾ ਪਾਰ – ਚੇਅਰਮੈਨ ਪ੍ਰਭਬੀਰ ਬਰਾੜ

ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ ਪਰਿਵਾਰਾਂ ਦੀ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀ ਮਹੱਤਵਪੂਰਨ ‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਤਹਿਤ ਹੁਣ ਤੱਕ ਕਰੀਬ 30.48 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਾ ਲਾਭ ਦਿੱਤਾ ਜਾ ਚੁੱਕਾ ਹੈ, ਜਦਕਿ ਹਰ ਤਿਮਾਹੀ ਦੌਰਾਨ ਸੂਬੇ ਦੇ 40.48 ਲੱਖ ਯੋਗ ਪਰਿਵਾਰਾਂ ਨੂੰ ਇਸ ਯੋਜਨਾ ਅਧੀਨ ਕਵਰ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਹ ਮੁਹਿੰਮ ਮਿਸ਼ਨ ਮੈਡਮ ਰਾਹੀਂ ਸਫਲਤਾਪੂਰਵਕ ਚਲਾਈ ਜਾ ਰਹੀ ਹੈ, ਜਿਸ ਦਾ ਮਕਸਦ ਸੂਬੇ ਦੇ ਲੋੜਵੰਦ ਪਰਿਵਾਰਾਂ ਤੱਕ ਪੌਸ਼ਟਿਕ ਖੁਰਾਕ ਪਹੁੰਚਾਉਣਾ ਹੈ।
ਉਨ੍ਹਾਂ ਦੱਸਿਆ ਕਿ ਹਰੇਕ ਯੋਗ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਦਿੱਤੀ ਜਾਂਦੀ ਹੈ, ਜਿਸ ਵਿੱਚ ਘਰੇਲੂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ।ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਦਿੱਤੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲਾਭਪਾਤਰੀਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਮਿਲ ਸਕੇ।
ਪ੍ਰਭਬੀਰ ਸਿੰਘ ਬਰਾੜ ਨੇ ਦੱਸਿਆ ਕਿ ਰਾਸ਼ਨ ਕਿੱਟਾਂ ਦਾ ਇਕੱਠ ਮਾਰਕਫੈਡ ਵੱਲੋਂ ਕੀਤਾ ਜਾਂਦਾ ਹੈ, ਜਦਕਿ ਸੂਬੇ ਭਰ ਵਿੱਚ ਵੰਡ ਪ੍ਰਣਾਲੀ ਦੀ ਨਿਗਰਾਨੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ, ਤਾਂ ਜੋ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਰਹੇ।ਉਨ੍ਹਾਂ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ 2,08,073 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਰਾਸ਼ਨ ਕਿੱਟਾਂ ਦੀ ਵੰਡ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਪਾਰਦਰਸ਼ਿਤਾ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਹਰ ਯੋਗ ਪਰਿਵਾਰ ਤੱਕ ਸਮੇਂ ਸਿਰ ਕਿੱਟ ਪਹੁੰਚ ਸਕੇ।ਜਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਮਾਰਕਫੈਡ ਅਤੇ ਹੋਰ ਸਬੰਧਤ ਏਜੰਸੀਆਂ ਆਪਸੀ ਤਾਲਮੇਲ ਨਾਲ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਕੰਮ ਕਰ ਰਹੀਆਂ ਹਨ।
ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਐਨ.ਐਫ.ਐਸ.ਏ ਤਹਿਤ ਦਿੱਤੀ ਜਾ ਰਹੀ ਕਣਕ ਦੇ ਨਾਲ ਇਹ ਰਾਸ਼ਨ ਕਿੱਟਾਂ ਜੋੜ ਕੇ ਸਰਕਾਰ ਭੁੱਖਮਰੀ ਅਤੇ ਕੁਪੋਸ਼ਣ ਦੋਵਾਂ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠ ਰਹੀ ਹੈ।

 

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …