ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਸਬਸਿਡਾਈਜ਼਼ਡ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਨੂੰ
ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਮਾਣਯੋਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ ਜਿਲ੍ਹੇ ਦੀਆਂ ਵੱਖ-ਵੱਖ ਫੀਡ ਫੈਕਟਰੀਆਂ ਅਤੇ ਡਾਈਂਗ ਯੂਨਿਟਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਇਸ ਦੌਰਾਨ ਕਿਸੇ ਵੀ ਉਦਯੋਗਿਕ ਇਕਾਈ ਵਿੱਚ ਖੇਤੀਬਾੜੀ ਲਈ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਜਾਂ ਭੰਡਾਰਨ ਨਹੀਂ ਪਾਇਆ ਗਿਆ।
ਮੁੱਖ ਖੇਤੀਬਾੜੀ ਅਫ਼ਸਰ ਦੋਸਾਂਝ ਨੇ ਦੱਸਿਆ ਕਿ ਖੇਤੀਬਾੜੀ ਗ੍ਰੇਡ ਨੀਮ ਕੋਟਿਡ ਯੂਰੀਆ `ਤੇ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਭਾਰੀ ਸਬਸਿਡੀ ਦਿੱਤੀ ਜਾਂਦੀ ਹੈ।ਇਸ ਦੀ ਵਰਤੋਂ ਸਿਰਫ਼ ਖੇਤੀਬਾੜੀ ਕਾਰਜ਼ਾਂ ਲਈ ਹੀ ਮਨਜ਼ੂਰ ਹੈ।ਉਨ੍ਹਾਂ ਕਿਹਾ ਕਿ ਫੀਡ ਫੈਕਟਰੀਆਂ ਅਤੇ ਹੋਰ ਉਦਯੋਗਿਕ ਇਕਾਈਆਂ ਲਈ ਟੈਕਨੀਕਲ ਗ੍ਰੇਡ ਯੂਰੀਆ ਉਪਲੱਬਧ ਕਰਵਾਈ ਜਾਂਦੀ ਹੈ, ਜਿਸ `ਤੇ ਕਿਸੇ ਕਿਸਮ ਦੀ ਸਬਸਿਡੀ ਨਹੀਂ ਦਿੱਤੀ ਜਾਂਦੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਬਸਿਡਾਈਜ਼ਡ ਯੂਰੀਆ ਦੀ ਡਾਇਵਰਜ਼ਨ ਰੋਕਣ ਲਈ ਅਜਿਹੀਆਂ ਅਚਨਚੇਤ ਚੈਕਿੰਗਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।ਜੇਕਰ ਕਿਸੇ ਫੀਡ ਫੈਕਟਰੀ ਜਾਂ ਹੋਰ ਉਦਯੋਗਿਕ ਇਕਾਈ ਵਿੱਚ ਸਬਸਿਡਾਈਜ਼ਡ ਯੂਰੀਆ ਦੀ ਵਰਤੋਂ ਜਾਂ ਡਾਇਵਰਜ਼ਨ ਪਾਈ ਜਾਂਦੀ ਹੈ ਤਾਂ ਸਬੰਧਤ ਵਿਅਕਤੀਆਂ ਖਿਲਾਫ਼ ਖਾਦ ਕੰਟਰੋਲ ਆਰਡਰ 1985 ਅਤੇ ਜ਼ਰੂਰੀ ਵਸਤੂਆਂ ਐਕਟ 1955 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਖੇਤੀਬਾੜੀ ਅਫ਼ਸਰ ਵੇਰਕਾ ਰਮਨ ਕੁਮਾਰ, ਖੇਤੀਬਾੜੀ ਅਫ਼ਸਰ ਚੋਗਾਵਾਂ ਬਲਵਿੰਦਰ ਸਿੰਘ ਛੀਨਾ, ਖੇਤੀਬਾੜੀ ਵਿਕਾਸ ਅਫ਼ਸਰ (ਇਨਫੋਰਸਮੈਂਟ) ਡਾ. ਪਰਜੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਵੇਰਕਾ ਗੁਰਜੀਤ ਸਿੰਘ ਵੀ ਹਾਜ਼ਰ ਸਨ।
Punjab Post Daily Online Newspaper & Print Media