ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ
ਸੁਖੇਵਾਲ ਅਤੇ ਨੰਦਵਾਲਾ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦੀ ਹੱਲ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਜਦੋਂ ਸਾਲ ੨੦੨੨ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦਾ ਸਥਾਨ ਦੇਸ਼ ਵਿੱਚ ੨੭ਵਾਂ ਸੀ।ਪਰ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਲਗਾਤਾਰ ਸੁਧਾਰਾਂ, ਆਧੁਨਿਕ ਬੁਨਿਆਦੀ ਢਾਂਚੇ, ਅਧਿਆਪਕਾਂ ਦੀ ਸਮਰੱਥਾ ਵਧਾਉਣ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਯਤਨਾਂ ਸਦਕਾ ਅੱਜ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਸਰਕਾਰੀ ਸਕੂਲਾਂ ਨੂੰ ਸਿਰਫ਼ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਬੱਚਿਆਂ ਦੀ ਪੜ੍ਹਾਈ ਦਾ ਕੇਂਦਰ ਮੰਨਿਆ ਜਾਂਦਾ ਸੀ ਅਤੇ ਲੋਕ ਇਨ੍ਹਾਂ ਦਾ ਮਜ਼ਾਕ ਉਡਾਉਂਦੇ ਸਨ। ਪਰ ਅੱਜ ‘ਸਕੂਲਜ਼ ਆਫ ਐਮੀਨੈਂਸ’ ਦੀ ਸਥਾਪਨਾ, ਆਧੁਨਿਕ ਸਹੂਲਤਾਂ ਅਤੇ ਗੁਣਵੱਤਾ ਭਰਪੂਰ ਸਿੱਖਿਆ ਕਾਰਨ ਪੰਜਾਬ ਨੇ ਕੇਰਲ ਨੂੰ ਵੀ ਪਿੱਛੇ ਛੱਡਦਿਆਂ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਅਸਲ ਅਰਥਾਂ ਵਿੱਚ ਲੋਕ ਸੇਵਾ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਪੂਰੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ।
ਹਰਭਜਨ ਸਿੰਘ ਈ.ਟੀ.ਓ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਇਲਾਕੇ ਦੇ ਵਿਕਾਸ ਲਈ ਸਰਕਾਰ ਦਾ ਸਹਿਯੋਗ ਕਰਨ।
ਇਸ ਮੌਕੇ ਵੱਡੀ ਗਿਣਤੀ ‘ਚ ਪਿੰਡ ਵਾਸੀ, ਪੰਚਾਇਤੀ ਨੁਮਾਇੰਦੇ, ਪਾਰਟੀ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media