ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਪ੍ਰਧਾਨ
ਅਨਿਲ ਠਾਕੁਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਪੀ.ਐਸ.ਟੀ.ਸੀ ਪੋਰਟਲ ‘ਤੇ ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਦਰਜ ਲੰਬਿਤ ਸ਼ਿਕਾਇਤਾਂ ਦੀ ਵਿਭਾਗਵਾਰ ਸਮੀਖਿਆ ਕੀਤੀ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪੀ.ਐਸ.ਟੀ.ਸੀ ਪੋਰਟਲ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਇੱਕ ਪ੍ਰਭਾਵਸ਼ਾਲੀ ਮੰਚ ਹੈ ਅਤੇ ਇਸ ‘ਤੇ ਦਰਜ ਹਰ ਸ਼ਿਕਾਇਤ ਦਾ ਨਿਰਧਾਰਿਤ ਸਮਾਂ-ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਠਾਕੁਰ ਨੇ ਕਿਹਾ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋਣ ਨਾਲ ਨਾ ਸਿਰਫ਼ ਸਰਕਾਰ ਪ੍ਰਤੀ ਉਨ੍ਹਾਂ ਦਾ ਭਰੋਸਾ ਮਜ਼ਬੂਤ ਹੋਵੇਗਾ, ਸਗੋਂ ਸੂਬੇ ਵਿੱਚ ਵਪਾਰ ਅਤੇ ਨਿਵੇਸ਼ ਲਈ ਹੋਰ ਅਨੁਕੂਲ ਮਾਹੌਲ ਵੀ ਸਿਰਜੇਗਾ। ਉਨ੍ਹਾਂ ਅਧਿਕਾਰੀਆਂ ਨੂੰ ਭਵਿੱਖ ਵਿੱਚ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਵੀ ਨਿਰਧਾਰਿਤ ਸਮਾਂ-ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ ।ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਸ਼ੀਤਲ ਜੁਨੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਵਪਾਰੀ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ।
ਵਧੀਕ ਡਿਪਟੀ ਕਮਿਸ਼ਨਰ ਪਲਵੀ ਮਿਸ਼ਰਾ ਨੇ ਦੱਸਿਆ ਕਿ ਪੋਰਟਲ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੀ ਹਫ਼ਤਾਵਾਰੀ ਸਮੀਖਿਆ ਕੀਤੀ ਜਾਂਦੀ ਹੈ।ਵਪਾਰੀਆਂ ਦੀਆਂ ਮੁੱਖ ਸ਼ਿਕਾਇਤਾਂ ਸੀਵਰੇਜ ਦੀ ਸਫ਼ਾਈ, ਬਿਜਲੀ ਦੀਆਂ ਲਟਕਦੀਆਂ ਤਾਰਾਂ, ਉਦਯੋਗਿਕ ਖੇਤਰਾਂ ਵਿੱਚ ਪੁਲਿਸ ਗਸ਼ਤ ਵਧਾਉਣ ਅਤੇ ਮਾਲ ਵਿਭਾਗ ਨਾਲ ਸਬੰਧਤ ਸਨ।
ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ, ਸਹਾਇਕ ਕਮਿਸ਼ਨਰ ਸੇਲਜ਼ ਟੈਕਸ ਸ੍ਰੀ ਮਹੇਸ਼ ਗੁਪਤਾ, ਸਹਾਇਕ ਕਮਿਸ਼ਨਰ ਨਗਰ ਨਿਗਮ ਵਿਸ਼ਾਲ ਵਧਾਵਨ, ਡੀ.ਐਸ.ਪੀ ਹੈਡਕੁਆਰਟਰ ਬਲਰਾਜ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸੁਖਜਿੰਦਰ ਸਿੰਘ, ਐਸ.ਡੀ.ਓ ਬੀ.ਐਸ.ਐਨ.ਐਲ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪੀ.ਐਸ ਸਹੋਤਾ, ਐਡੀਸ਼ਨਲ ਐਸ.ਈ. ਪੀ.ਐਸ.ਪੀ.ਸੀ.ਐਲ ਸਿਮਰਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media