ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ
ਕਾਲਜ ਵੇਰਕਾ ਵਿਖੇ ‘ਵਾਇਸ ਆਫ਼ ਅੰਮ੍ਰਿਤਸਰ’ ਟੀਮ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਆਯੋਜਿਤ ਕੀਤੀ ਗਈ।ਇਸ ਮੁਹਿੰਮ ਦੌਰਾਨ ਕਾਲਜ ਕੈਂਪਸ ਨੂੰ ਹੋਰ ਹਰਿਆ-ਭਰਿਆ, ਸੁੰਦਰ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਕਿਸਮਾਂ ਦੇ ਔਸ਼ਧੀ ਅਤੇ ਫਲਦਾਰ ਬੂਟੇ ਲਗਾਏ ਗਏ।
ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਗੈਰ-ਅਧਿਆਪਨ ਅਮਲੇ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਦਾ ਸੰਕਲਪ ਲਿਆ।ਇਸ ਉਪਰਾਲੇ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸੰਦੇਸ਼ ਦੇਣਾ ਅਤੇ ਹਰਿਆਵਲ ਨੂੰ ਵਧਾਵਾ ਦੇਣਾ ਸੀ।
ਕਾਲਜ ਦੇ ਪ੍ਰਿੰਸੀਪਲ ਡਾ. ਸੁਖਪ੍ਰੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਵੀ ਕਰੇ। ਉਨ੍ਹਾਂ ‘ਵਾਇਸ ਆਫ਼ ਅੰਮ੍ਰਿਤਸਰ’ ਟੀਮ ਅਤੇ ਕਾਲਜ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਾਂਝੇ ਉਪਰਾਲੇ ਸਮਾਜ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਸਿਰਜਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।
ਇਸ ਮੌਕੇ ਹਾਜ਼ਰ ਸਾਰੇ ਭਾਗੀਦਾਰਾਂ ਨੇ ਲਗਾਏ ਗਏ ਬੂਟਿਆਂ ਦੀ ਨਿਯਮਿਤ ਸੰਭਾਲ ਕਰਨ ਦਾ ਸੰਕਲਪ ਵੀ ਲਿਆ।
Check Also
ਪੀ.ਐਸ.ਟੀ.ਸੀ ਪੋਰਟਲ ‘ਤੇ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਨਿਪਟਾਰਾ- ਅਨਿਲ ਠਾਕੁਰ
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ …
Punjab Post Daily Online Newspaper & Print Media