Monday, August 24, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ‘ਚ ਰੱਖ ਕੇ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿੱਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਅਹਿਮ ਮਾਮਲਾ ਹੈ ਅਤੇ ਸਰਕਾਰ ਨੂੰ ਸਿੱਖ ਭਾਵਨਾਵਾਂ ਅਨੁਸਾਰ ਹੀ ਫੈਸਲਾ ਕਰਨਾ ਚਾਹੀਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿਥੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਅਤੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ।ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਦੁਨੀਆਂ ਭਰ ਦੀ ਸਿੱਖ ਸੰਗਤ ਦੀ ਚਿਰੋਕਣੀ ਅਰਦਾਸ ਅਤੇ ਧਾਰਮਿਕ ਆਸਥਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲਾਂਘੇ ਦਾ ਲੰਬੇ ਸਮੇਂ ਤੋਂ ਬੰਦ ਰਹਿਣ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦਾ ਇਹ ਲਾਂਘਾ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਸ਼ਾਂਤੀ ਦਾ ਸੁਨੇਹਾ ਹੈ, ਜਿਸ ‘ਤੇ ਕਿਸੇ ਨੂੰ ਇਤਰਾਜ ਨਹੀਂ ਹੋਣਾ ਚਾਹੀਦਾ।ਉਨ੍ਹਾਂ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਦੇਸ਼ ਦੀ ਸੁਰੱਖਿਆ ਹਰ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਉਤਨਾ ਹੀ ਮਹੱਤਵਪੂਰਨ ਹੈ।ਇਸ ਲਈ ਸਰਕਾਰ ਨੂੰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਭਾਵਸ਼ਾਲੀ ਪ੍ਰਬੰਧ ਕਰਕੇ ਇਸ ਮਾਮਲੇ ਦੀ ਜਲਦ ਸਮੀਖਿਆ ਕਰਦੇ ਹੋਏ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਕਰਨਾ ਚਾਹੀਦਾ ਹੈ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …