Monday, November 23, 2026

ਪਿੰਡ ਮਲਕਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਇੰਟਰਲਾਕਿੰਗ ਸੜਕਾਂ – ਕੈਬਨਿਟ ਮੰਤਰੀ ਈ.ਟੀ.ਓ

ਅੰਮ੍ਰਿਤਸਰ, 1 ਅਗਸਤ ( ਸੁਖਬੀਰ ਸਿੰਘ ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਲਕਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ 1.100 ਕਿਲੋਮੀਟਰ ਲੰਬੀਆਂ ਵੱਖ-ਵੱਖ ਇੰਟਰਲਾਕਿੰਗ ਸੜਕਾਂ ਦਾ ਨਿਰਮਾਣ ਕਰਵਾਇਆ ਜਾਵੇਗਾ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਪ੍ਰਾਜੈਕਟ ਸਪੈਸ਼ਲ ਅਸਿਸਟੈਂਸ ਸਕੀਮ ਫੇਜ਼-1 ਅਧੀਨ 5054  ਫੰਡਾਂ ਵਿੱਚੋਂ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸੜਕ ਨਿਰਮਾਣ ਕਾਰਜ਼ ਜਲਦ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਨੂੰ ਤਿੰਨ ਮਹੀਨਿਆਂ ਦੀ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਪਿੰਡ ਮਲਕਪੁਰ ਵਿੱਚ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜ ਵੀ ਲੋਕਾਂ ਨੂੰ ਸਮਰਪਿਤ ਕੀਤੇ।ਇਨ੍ਹਾਂ ਵਿੱਚ 9.80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਆਂਗਣਵਾੜੀ ਸੈਂਟਰ, 2 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਸੋਲਰ ਲਾਈਟਾਂ, ੫ ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ ਅਤੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਪਿੰਡ ਦੀ ਫਿਰਨੀ (ਰਸਤਾ) ਸ਼ਾਮਲ ਹਨ।
ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਂਦਿਆਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਰੌਸ਼ਨੀ ਅਤੇ ਹੋਰ ਲੋਕ ਭਲਾਈ ਨਾਲ ਸਬੰਧਤ ਵਿਕਾਸ ਕਾਰਜ ਪਿੰਡ ਵਾਸੀਆਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣ ਦੇ ਨਾਲ-ਨਾਲ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਵੀ ਨਵੀਂ ਗਤੀ ਪ੍ਰਦਾਨ ਕਰਨਗੇ।
ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ਼ ਉੱਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਜਲਦ ਤੋਂ ਜਲਦ ਮਿਲ ਸਕੇ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …