ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਿਧਾਨ ਸਭਾ
ਵਿੱਚ ਚੁੱਕੇ ਗਏ ਸਵਾਲ ਦੇ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਰੋਸਾ ਦਿੱਤਾ ਹੈ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀਆਂ ਪੁਰਾਣੀਆਂ ਅਤੇ ਖ਼ਰਾਬ ਹੋ ਚੁੱਕੀਆਂ ਪਾਈਪਾਂ ਨੂੰ ਤਰਜੀਹ ਦੇ ਆਧਾਰ ‘ਤੇ ਬਦਲਿਆ ਜਾਵੇਗਾ।
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਵਿਧਾਨ ਸਭਾ ਵਿੱਚ ਸਵਾਲ ਨੰਬਰ 1887 ਰਾਹੀਂ ਅੰਮ੍ਰਿਤਸਰ ਪੱਛਮੀ ਹਲਕੇ ਦੇ ਇਲਾਕਿਆਂ ਸ੍ਰੀ ਛੇਹਰਟਾ ਸਾਹਿਬ, ਘਨੂਪੁਰ ਕਾਲੇ, ਕੋਟ ਖਾਲਸਾ ਅਤੇ ਪੁਤਲੀਘਰ ਵਿੱਚ ਪੀਣ ਵਾਲੇ ਪਾਣੀ ਦੀਆਂ ਕਰੀਬ 50 ਸਾਲ ਪੁਰਾਣੀਆਂ ਪਾਈਪਾਂ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਸਰਕਾਰ ਦਾ ਧਿਆਨ ਦਿਵਾਇਆ ਕਿ ਇਨ੍ਹਾਂ ਪੁਰਾਣੀਆਂ ਪਾਈਪਾਂ ਕਾਰਨ ਲੋਕਾਂ ਨੂੰ ਲੰਮੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਨੂੰ ਬਦਲਣ ਲਈ ਵਿਸ਼ੇਸ਼ ਯੋਜਨਾ ਜਾਂ ਪੈਕੇਜ ਦੀ ਲੋੜ ਹੈ।
ਸਵਾਲ ਦਾ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਸਰਕਾਰ ਦੀਆਂ ਪ੍ਰਮੁੱਖ ਤਰਜ਼ੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ 2.99 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਦੇ ਸੈਕਸ਼ਨ ਵਿਛਾਏ ਜਾ ਚੁੱਕੇ ਹਨ, ਜਦਕਿ 1.42 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੀਆਂ ਪਾਈਪ ਲਾਈਨਾਂ ਦੀ ਮੁਰੰਮਤ ਕਰਵਾਈ ਗਈ ਹੈ।
ਮੰਤਰੀ ਨੇ ਕਿਹਾ ਕਿ ਡਾ. ਜਸਬੀਰ ਸਿੰਘ ਸੰਧ ਵੱਲੋਂ ਜਿਨ੍ਹਾਂ ਇਲਾਕਿਆਂ ਦੀ ਲੋੜ ਦਰਸਾਈ ਜਾਵੇਗੀ, ਉਨ੍ਹਾਂ ਥਾਵਾਂ ‘ਤੇ ਪੁਰਾਣੀਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਨੂੰ ਪਹਿਲ ਦੇ ਆਧਾਰ ‘ਤੇ ਬਦਲਿਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰੀ ਅਤੇ ਨਿਰਵਿਘਨ ਪਾਣੀ ਸਪਲਾਈ ਯਕੀਨੀ ਬਣਾਈ ਜਾ ਸਕੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media