ਅੰਬਾਲਾ/ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ
ਮੈਡੀਕਲ ਇੰਸਟੀਚਿਊਟ ਸ਼ਾਹਬਾਦ ਮਾਰਕੰਡਾ ਵਿਖੇ ਪਹੁੰਚ ਕੇ ਟਰੱਸਟ ਮੈਂਬਰਾਂ, ਹਸਪਤਾਲ ਦੇ ਸਟਾਫ ਅਤੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਹਸਪਤਾਲ ਸਬੰਧੀ ਅਦਾਲਤੀ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਸ਼੍ਰੋਮਣੀ ਕਮੇਟੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟੇਗੀ ਅਤੇ ਸਟਾਫ ਦੀਆਂ ਤਨਖ਼ਾਹਾਂ ਸਮੇਤ ਮਰੀਜ਼ਾਂ ਨੂੰ ਮਿਲ ਰਹੀਆਂ ਸਾਰੀਆਂ ਮੈਡੀਕਲ ਸਹੂਲਤਾਂ ਨੂੰ ਨਿਰਵਿਘਨ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ਨੂੰ ਚਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖਰਾ ਟਰੱਸਟ ਬਣਾਇਆ ਗਿਆ ਹੈ ਅਤੇ ਇਸ ਟਰੱਸਟ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਕੀਤੀ ਜਾਂਦੀ ਹੈ।ਸਾਲ 2006 ਤੋਂ ਹੋਂਦ ਵਿੱਚ ਆਇਆ ਇਹ ਹਸਪਤਾਲ ਅੱਜ ਹਰਿਆਣਾ ਅਤੇ ਆਸ-ਪਾਸ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਿਹਾ ਹੈ।ਹਸਪਤਾਲ ਦੀ ਓ.ਪੀ.ਡੀ ਤੋਂ ਇਲਾਵਾ ਕੈਥ ਲੈਬ, ਗੋਡਿਆਂ ਤੇ ਹੋਰ ਮੈਡੀਕਲ ਸੇਵਾਵਾਂ ਦਾ ਵੱਡੀ ਗਿਣਤੀ ਵਿੱਚ ਲੋਕ ਲਾਭ ਲੈ ਰਹੇ ਹਨ ਅਤੇ ਤਿੰਨ ਸਾਲ ਪਹਿਲਾਂ ਸ਼ੁਰੂ ਕੀਤੀ ਗਈ ਕੈਥ ਲੈਬ ਬਹੁਤ ਸਫ਼ਲਤਾ ਨਾਲ ਚੱਲ ਰਹੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹਸਪਤਾਲਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਜਾਤ-ਪਾਤ, ਧਰਮ ਜਾਂ ਕਿਸੇ ਹੋਰ ਕਿਸਮ ਦਾ ਕੋਈ ਭੇਦਭਾਵ ਨਹੀਂ ਕੀਤਾ ਜਾਂਦਾ।ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੀਰੀ ਪੀਰੀ ਮੈਡੀਕਲ ਸੰਸਥਾ ਨੂੰ ਲਗਭਗ 142 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ।ਹਰ ਸਾਲ ਬਜਟ ਵਿੱਚ ਲਗਭਗ ੮ ਕਰੋੜ ਰੁਪਏ ਦੀ ਵਿਵਸਥਾ ਰੱਖੀ ਜਾਂਦੀ ਹੈ ਅਤੇ ਬੀਤੇ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵੀ ਲਗਭਗ 25 ਕਰੋੜ ਰੁਪਏ ਦੀ ਅਮਾਨਤ ਇਸ ਸੰਸਥਾ ਨੂੰ ਦਿੱਤੀ ਗਈ ਹੈ।ਹਸਪਤਾਲ ਨੂੰ ਭਵਿੱਖ ਵਿੱਚ ਮੈਡੀਕਲ ਕਾਲਜ ਦੇ ਰੂਪ ਵਿੱਚ ਵਿਕਸਤ ਕਰਨ ਦਾ ਵੀ ਸ਼੍ਰੋਮਣੀ ਕਮੇਟੀ ਦਾ ਮਕਸਦ ਹੈ, ਜਿਸ ਲਈ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹਮੇਸ਼ਾਂ ਅਦਾਲਤਾਂ ਦੇ ਫ਼ੈਸਲਿਆਂ ਦਾ ਸਤਿਕਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਵੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ੧੨ ਮਈ ਨੂੰ ਆਏ ਫ਼ੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਅਧਿਕਾਰ ਅਨੁਸਾਰ ਐਲਪੀਏ ਦਾਇਰ ਕੀਤੀ ਗਈ ਸੀ, ਜਿਸ ‘ਤੇ ਮਾਨਯੋਗ ਹਾਈਕੋਰਟ ਦੇ ਡਬਲ ਬੈਂਚ ਵੱਲੋਂ ਨਵੇਂ ਬਣੇ ਮੈਡੀਕਲ ਬੋਰਡ ਸਬੰਧੀ ਕਾਰਵਾਈ ‘ਤੇ ਰੋਕ ਲਗਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਸਪਤਾਲ ਦੇ ਸਟਾਫ ਦੀਆਂ ਤਨਖ਼ਾਹਾਂ ਲਈ ੧ ਕਰੋੜ ੪੦ ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਤਨਖ਼ਾਹਾਂ ਵੀ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੁੱਝ ਡਾਕਟਰ ਅਤੇ ਹੋਰ ਸਟਾਫ ਮੈਂਬਰ ਪਿਛਲੇ ਸਮੇਂ ਵਿੱਚ ਹਸਪਤਾਲ ਛੱਡ ਕੇ ਚਲੇ ਗਏ ਸਨ, ਉਨ੍ਹਾਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਬਲਦੇਵ ਸਿੰਘ ਕਾਇਮਪੁਰ, ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਤੇਜਿੰਦਰਪਾਲ ਸਿੰਘ ਲਾਡਵਾਂ ਮੈਂਬਰ ਧਰਮ ਪ੍ਰਚਾਰ ਕਮੇਟੀ, ਹਰਪਾਲ ਸਿੰਘ ਮਛੌਂਡਾ, ਸਾਬਕਾ ਮੈਂਬਰ ਅਮਰਜੀਤ ਸਿੰਘ ਮੰਗੀ, ਸਕੱਤਰ ਸੁਖਮਿੰਦਰ ਸਿੰਘ, ਹਰਕੇਸ਼ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਪ੍ਰਦੇਸ਼, ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰ ਸੁਖਜਿੰਦਰ ਸਿੰਘ ਮਸਾਣਾਂ, ਰਵਿੰਦਰ ਸਿੰਘ ਰਾਣਾ, ਕਾਕਾ ਸਿੰਘ ਲੱਧੂਵਾਸ, ਬਲਕਾਰ ਸਿੰਘ, ਗੁਰਜੀਤ ਸਿੰਘ, ਐਸ. ਐਸ ਚੀਮਾ ਸੀ.ਈ.ਓ ਮੀਰੀ ਪੀਰੀ ਮੈਡੀਕਲ ਕਾਲਜ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ਼ ਸੁਖਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media