Friday, August 21, 2026

ਰੱਖੜ ਪੁੰਨਿਆਂ ਦੇ ਪਾਵਨ ਮੌਕੇ ਰਈਆ ਦਾਣਾ ਮੰਡੀ ਵਿਖੇ ਰਾਜ ਪੱਧਰੀ ਸਮਾਗਮ 28 ਅਗਸਤ ਨੂੰ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਗਰ ਰਈਆ ਦੀ ਦਾਣਾ ਮੰਡੀ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ।ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਿਧਾਇਕ ਬਾਬਾ ਬਕਾਲਾ ਸਾਹਿਬ ਦਲਬੀਰ ਸਿੰਘ ਟੌਂਗ, ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ  ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਦਲਵਿੰਦਰ ਸਿੰਘ ਦਾਣਾ ਮੰਡੀ ਰਈਆ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਵਿਧਾਇਕ ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ ਬਾਬਾ ਬਕਾਲਾ ਸਾਹਿਬ ਦੇ ਪਵਿੱਤਰ ਰੱਖੜ ਪੁੰਨਿਆਂ ਦੇ ਤਿਉਹਾਰ ਨੂੰ ਸਮਰਪਿਤ ਦਾਣਾ ਮੰਡੀ ਰਈਆ ਵਿਖੇ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਿਲ ਹੋਵੇਗੀ। ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਹ ਸਮਾਗਮ ਦਾਣਾ ਮੰਡੀ ਰਈਆ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਵਿਧਾਇਕ ਨੇ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪੰਜਾਬ ਵਜ਼ਾਰਤ ਦੇ ਮੰਤਰੀ ਵੀ ਸ਼ਾਮਿਲ ਹੋਣਗੇ।ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਵਿੱਚ ਇਸ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਸ਼ਾਮਿਲ ਹੋਣਗੀਆਂ।
ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਗਤ ਲਈ ਲੰਗਰ, ਪੀਣ ਵਾਲੇ ਸਾਫ਼ ਪਾਣੀ, ਛਾਂ, ਪੱਖਿਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ।ਇਸ ਤੋਂ ਇਲਾਵਾ ਦਾਣਾ ਮੰਡੀ ਦੀ ਸਫ਼ਾਈ, ਬਿਜਲੀ, ਪਾਣੀ, ਆਵਾਜਾਈ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਵੀ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਨਾਲ ਸਬੰਧਤ ਸਾਰੇ ਪ੍ਰਬੰਧ ਆਪਸੀ ਤਾਲਮੇਲ ਨਾਲ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਨਿਰਮਲਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …