ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਭਰ ਵਿੱਚ
ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ‘ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਿਖਾਈ ਜਾ ਰਹੀ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਡਾਕੂਮੈਂਟਰੀ ਫਿਲਮ ਦਿਖਾਉਣ ਵਾਲੀ ਵੈਨ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਭੱਟੀਕੇ, ਬੁੱਟਰ ਖੁਰਦ, ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੰਡਾਲਾ ਖੁਰਦ, ਬੰਡਾਲਾ ਕਲਾਂ, ਸਿੰਘਪੁਰਾ ਅਤੇ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਡੱਡੀਆਂ, ਕਲੇਰ ਮਾਂਗਟ ਅਤੇ ਦਾਦੂਪੁਰਾ ਵਿਖੇ ਪਹੁੰਚੀ।ਇਨ੍ਹਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਦਸਤਾਵੇਜ਼ੀ ਫਿਲਮ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਸਮਾਨਤਾ, ਪ੍ਰਭੂ ਭਗਤੀ, ਮਨੁੱਖਤਾ, ਮਿਹਨਤ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ।
ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਵਿਲੱਖਣ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਭਾਵਨਾ ਅਤੇ ਕਿਰਤ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਅਤੇ ਸਰਲ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨੇ ਦਰਸ਼ਕਾਂ ‘ਤੇ ਡੂੰਘਾ ਪ੍ਰਭਾਵ ਛੱਡਿਆ।
ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਡਾਕੂਮੈਂਟਰੀ ਫਿਲਮਾਂ ਦਾ ਪ੍ਰਦਰਸ਼ਨ ਸਮੇਂ ਦੀ ਅਹਿਮ ਲੋੜ ਹੈ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਸਮਾਜ ਵਿੱਚ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਸਦਭਾਵਨਾ ਦੇ ਮੁੱਲਾਂ ਨੂੰ ਹੋਰ ਮਜ਼ਬੂਤ ਕਰਨਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media