Sunday, August 23, 2026

ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਅਰਦਾਸ ਸਮਾਗਮ 29 ਅਗਸਤ ਨੂੰ – ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ, ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ 29 ਅਗਸਤ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾ ਕੇ ਸਮੂਹ ਅਰਦਾਸ ਕਰਨ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਹਰੀਕੇ ਪੱਤਣ ਵਿਖੇ ਯਾਦਗਾਰ ਬਨਾਉਣ ਦੀ ਪ੍ਰਵਾਨਗੀ ਸਮੇਤ ਕਈ ਅਹਿਮ ਫੈਸਲੇ ਕੀਤੇ ਗਏ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਰੱਖਣ ਵਾਲੀਆਂ ਸ਼ਖ਼ਸੀਅਤਾਂ ਭਾਈ ਗੁਰਦਾਸ ਜੀ ਅਤੇ ਸ਼ਹੀਦੀ ਭਾਈ ਮਨੀ ਸਿੰਘ ਜੀ ਸਬੰਧੀ ਸ੍ਰੀ ਦਰਬਾਰ ਸਾਹਿਬ ਸਮੂਹ ਯਾਦਗਾਰੀ ਅਸਥਾਨ ਬਨਾਉਣ ਦਾ ਸਿਧਾਂਤਕ ਫੈਸਲਾ ਕੀਤਾ ਹੈ।ਇਹ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੇ ਦੋਵੇਂ ਪਾਸੇ ਤਿਆਰ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਅਤੇ ਸਮੂਹਕ ਅਰਦਾਸ ਕਰਨ ਦਾ ਫੈਸਲਾ ਕੀਤਾ ਹੈ।27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ 29 ਅਗਸਤ ਨੂੰ ਭੋਗ ਪਾਏ ਜਾਣਗੇ ਅਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸਮੂਹਿਕ ਤੌਰ ‘ਤੇ ਅਰਦਾਸ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਵਿਦਿਅਕ ਅਦਾਰਿਆਂ ਅਤੇ ਟਰੱਸਟਾਂ ਵਿਚ ਵੀ 29 ਅਗਸਤ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਣ ਦੀ ਵੀ ਮੰਗ ਕੀਤੀ ਗਈ ਹੈ।ਭਾਈ ਹਵਾਰਾ ਦੀ ਬਜ਼ੁੱਰਗ ਮਾਤਾ ਗੰਭੀਰ ਬਿਮਾਰ ਹਨ।ਉਨ੍ਹਾਂ ਵੱਲੋਂ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਮੰਗੀ ਪੈਰੋਲ ‘ਤੇ ਸਰਕਾਰ ਦਾ ਰੁਖ਼ ਬੇਹੱਦ ਨਿਰਾਸ਼ਾ ਵਾਲਾ ਹੈ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰਾਂ ਵੱਲੋਂ ਨਾ-ਇਨਸਾਫ਼ੀ ਹੋ ਰਹੀ ਹੈ।ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਮਾਮਲਾ ਵੀ ਸਰਕਾਰ ਵੱਲੋਂ ਕਿਸੇ ਪਾਸੇ ਨਹੀਂ ਲਗਾਇਆ ਜਾ ਰਿਹਾ।ਭਾਈ ਰਾਜੋਆਣਾ ਦੇ ਮਾਮਲੇ ਪ੍ਰਤੀ ਸਰਕਾਰ ਅਤੇ ਅਦਾਲਤਾਂ ਦੀ ਪਹੁੰਚ ਹਮੇਸ਼ਾਂ ਨਿਰਾਸ਼ਾਜਨਕ ਹੀ ਰਹੀ ਹੈ, ਜੋ ਵੱਡੀ ਚਿੰਤਾ ਵਾਲੀ ਗੱਲ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਬੰਧੀ ਹਰੀਕੇ ਪੱਤਣ ਵਿਖੇ ਕਰਵਾਏ ਗਏ ਸਮਾਗਮ ਸਮੇਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਭਾਈ ਖਾਲੜਾ ਸਬੰਧੀ ਯਾਦਗਾਰ ਉਸਾਰਨ ਨੂੰ ਵੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਹੈ।ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੌਤ ਮਗਰੋਂ ਕਾਂਗਰਸ ਪਾਰਟੀ ਦੇ ਲੀਡਰਾਂ ਵੱਲੋਂ ਉਸ ਦੀ ਕੀਤੀ ਜਾ ਰਹੀ ਪ੍ਰਸ਼ੰਸਾ ਦੀ ਵੀ ਨਿੰਦਾ ਕੀਤੀ।ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।ਅੰਤ੍ਰਿੰਗ ਕਮੇਟੀ ਨੇ ਕੈਨੇਡਾ ਦੇ ਐਡਮਨਟਨ ਵਿਖੇ ਗੁਰਦੁਆਰਾ ਨਾਨਕਸਰ ਸਾਹਿਬ ‘ਚ ਇਕ ਵਿਅਕਤੀ ਵੱਲੋਂ ਸੇਵਾਦਾਰਾਂ ‘ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਘਟਨਾ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।
ਅੰਤ੍ਰਿੰਗ ਕਮੇਟੀ ਨੇ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਲਈ 2.5 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ।ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ, ਭੁਪਿੰਦਰ ਸਿੰਘ ਅਨੰਦ ਤੇ ਅਮਰੀਕਾ ਨਿਵਾਸੀ ਗੁਰਇਕਪ੍ਰੀਤ ਸਿੰਘ (ਗੰਡਾ ਸਿੰਘ ਵਾਲਾ) ਸਬੰਧੀ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀ ਰੂਹਾਂ ਨਮਿਤ ਅਰਦਾਸ ਕੀਤੀ ਗਈ।
ਇਕੱਤਰਤਾ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ ਆਦਿ ਸ਼ਾਮਲ ਹਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …