ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਅਰਜੁਨਾ ਐਵਾਰਡੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ, ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ
ਕਰਨ ਅਤੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਇਨ੍ਹਾਂ ਖੇਡਾਂ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਖੇਡਾਂ ਪ੍ਰਤੀ ਉਤਸ਼ਾਹ ਅਤੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਟਾਰਚ ਰਿਲੇਅ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਟਾਰਚ ਰਿਲੇਅ 12 ਅਗਸਤ 2026 ਨੂੰ ਜਿਲ੍ਹਾ ਸੰਗਰੂਰ ਤੋਂ ਸ਼ੁਰੂ ਹੋਈ ਅਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਜਿਲ੍ਹਾ ਗੁਰਦਾਸਪੁਰ ਤੋਂ ਜਿਲ੍ਹਾ ਅੰਮ੍ਰਿਤਸਰ ਪਹੁੰਚੀ।ਇਸ ਉਪਰੰਤ ਟਾਰਚ ਰਿਲੇਅ ਨੂੰ ਜਿਲ੍ਹਾ ਅੰਮ੍ਰਿਤਸਰ ਤੋਂ ਤਰਨ ਤਾਰਨ ਜਿਲ੍ਹੇ ਲਈ ਰਵਾਨਾ ਕੀਤਾ ਗਿਆ।
ਸ੍ਰੀਮਤੀ ਪਲਵੀ ਮਿਸ਼ਰਾ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਟਾਰਚ ਰਿਲੇਅ ਨੂੰ 28 ਅਗਸਤ 2026 ਨੂੰ ਸਵੇਰੇ 10:00 ਵਜੇ ਪਿੰਡ ਜੈਤੀਪੁਰ ਤੋਂ ਪ੍ਰਾਪਤ ਕੀਤਾ ਗਿਆ।ਇਸ ਤੋਂ ਬਾਅਦ ਟਾਰਚ ਰਿਲੇਅ ਵੇਰਕਾ ਬਾਈਪਾਸ ਚੌਕ ਤੋਂ ਬਟਾਲਾ ਰੋਡ ਰਾਹੀਂ ਫੋਰ ਐਸ ਚੌਕ, ਨਾਵਲਟੀ ਚੌਕ ਹੁੰਦੀ ਹੋਈ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਸਥਿਤ ਜਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਪਹੁੰਚੀ।
ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ (ਅਰਜੁਨਾ ਐਵਾਰਡੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਦੇ ਨਾਲ ਜੇ.ਐਸ ਰਾਹੁਲ ਚੇਅਰਮੈਨ ਸਪੋਰਟਸ ਵੈਲਫੇਅਰ ਬੋਰਡ ਹਲਕਾ ਅੰਮ੍ਰਿਤਸਰ ਸੈਂਟਰਲ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।ਮੁੱਖ ਮਹਿਮਾਨ ਵੱਲੋਂ ਵੇਟਲਿਫਟਿੰਗ ਦੇ ਅੰਤਰਰਾਸ਼ਟਰੀ ਖਿਡਾਰੀ ਸੁਨੀਲ ਸਿੰਘ ਅਤੇ ਜਿਮਨਾਸਟਿਕ ਦੀ ਅੰਤਰਰਾਸ਼ਟਰੀ ਖਿਡਾਰਨ ਪ੍ਰੀਤੀ ਨੂੰ ਸਨਮਾਨਿਤ ਕੀਤਾ ਗਿਆ।ਸ੍ਰੀਮਤੀ ਪਲਵੀ ਮਿਸ਼ਰਾ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਪੰਜਾਬ ਦੇ ਖਿਡਾਰੀਆਂ ਲਈ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਵੱਡੇ ਪੱਧਰ ’ਤੇ ਪ੍ਰਦਰਸ਼ਿਤ ਕਰਨ ਦਾ ਮਹੱਤਵਪੂਰਨ ਮੰਚ ਹੈ।ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਖਿਡਾਰੀਆਂ ਅਤੇ ਕੋਚਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ।
Punjab Post Daily Online Newspaper & Print Media