ਵਿਧਾਇਕ ਡਾ. ਗੁਪਤਾ ਅਤੇ ਮੇਅਰ ਭਾਟੀਆ ਨੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕੀਤਾ
ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸੂਬੇ ਵਿੱਚ ਵਿਸ਼ੇਸ਼ ਸਫਾਈ ਮੁਹਿੰਮ
ਚਲਾਈ ਜਾ ਰਹੀ ਹੈ।ਇਸੇ ਤਹਿਤ ਅੰਮ੍ਰਿਤਸਰ ਨਗਰ ਨਿਗਮ ਵੱਲੋਂ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਟੈਲੀਫੋਨ ਐਕਸਚੇਂਜ ਖੇਤਰ ਤੋਂ ਕੀਤੀ ਗਈ, ਜਿਸ ਦਾ ਮੁੱਖ ਉਦੇਸ਼ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।
ਵਿਧਾਇਕ ਡਾ. ਅਜੈ ਗੁਪਤਾ ਨੇ ਮੇਅਰ ਜਤਿੰਦਰ ਸਿੰਘ ਭਾਟੀਆ, ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ. ਕਿਰਨ ਕੁਮਾਰ, ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ, ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਸਫਾਈ ਕਰਮਚਾਰੀਆਂ ਦੇ ਨਾਲ ਮਿਲ ਕੇ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ।ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਜ਼ੂਦ ਛੋਟੇ ਕੂੜਾ ਡੰਪਾਂ ਦੀ ਸਫਾਈ ਕਰਕੇ ਗੰਦਗੀ ਨੂੰ ਹਟਾਇਆ ਗਿਆ।
ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਛੋਟੇ-ਛੋਟੇ ਕੂੜਾ ਡੰਪਾਂ ਨੂੰ ਸਾਫ਼ ਕਰਨ ਲਈ ਵਿਸ਼ੇਸ਼ ਤੌਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਿਰਫ਼ ਨਗਰ ਨਿਗਮ ਦੀ, ਸਗੋਂ ਹਰੇਕ ਨਾਗਰਿਕ ਦੀ ਵੀ ਬਰਾਬਰ ਦੀ ਜਿੰਮੇਵਾਰੀ ਹੈ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ।ਲੋਕ ਆਪਣਾ ਘਰੇਲੂ ਕੂੜਾ ਸਿਰਫ਼ ਨਗਰ ਨਿਗਮ ਦੇ ਘਰ-ਘਰ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ਨੂੰ ਹੀ ਦੇਣ।
ਇਸ ਮੌਕੇ ਵਿਸ਼ਾਲ ਗਿੱਲ, ਮੋਨਿਕਾ ਭੱਟੀ, ਰਿਤੂ ਮਹਾਜਨ, ਰਾਜੂ ਭਾਟੀਆ, ਦੀਪਕ ਬੱਗਾ, ਰੋਹਿਤ ਪਹਿਲਵਾਨ, ਚਿਰਾਗ ਮਹਿਰਾ, ਸੰਦੀਪ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀ ਹਾਜ਼ਰ ਸਨ।
Punjab Post Daily Online Newspaper & Print Media