ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਅਤੇ ਇਲਾਕੇ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਨਗਰ ਨਿਗਮ ਅਧਿਕਾਰੀਆਂ ਨਾਲ ਹਰ ਮਹੀਨੇ ਇੱਕ ਸਮੀਖਿਆ ਮੀਟਿੰਗ ਕੀਤੀ ਜਾਂਦੀ ਹੈ।ਉਨ੍ਹਾਂ ਅੱਜ ਅਧਿਕਾਰੀਆਂ ਨੂੰ ਜਨਤਾ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਸੀਵਰੇਜ ਦੀਆਂ ਸਮੱਸਿਆਵਾਂ, ਖਾਸ ਕਰਕੇ ਹਲਕੇ ਦੇ ਖੇਤਰਾਂ ਵਿੱਚ, ਨੂੰ ਪਹਿਲ ਦੇ ਆਧਾਰ `ਤੇ ਹੱਲ ਕੀਤਾ ਗਿਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਵੀ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਰੰਗਲਾ ਪੰਜਾਬ-3 ਅਧੀਨ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 5 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਲਗਭਗ 1 ਕਰੋੜ ਰੁਪਏ ਦੇ ਸਿਵਲ ਵਿਕਾਸ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ।ਕੇਂਦਰੀ ਵਿਧਾਨ ਸਭਾ ਹਲਕੇ ਦੇ ਪਾਰਕਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ, ਢਾਬਾ ਖਟੀਕਾ ਮਹਿਲਾ ਹਸਪਤਾਲ ਵਿਖੇ ਨੌਜਵਾਨਾਂ ਲਈ ਖੇਡ ਦੇ ਮੈਦਾਨ ਨੂੰ ਬਣਾਉਣ ਅਤੇ ਜਿੰਮ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।
ਵਿਧਾਇਕ ਡਾ. ਅਜੇ ਗੁਪਤਾ ਨੇ ਦੱਸਿਆ ਕਿ ਹਲਕੇ ਵਿੱਚ ਓ ਐਂਡ ਐਮ ਵਿੰਗ `ਤੇ ਲਗਭਗ 3 ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜ਼ ਅਗਲੇ ਹਫ਼ਤੇ ਸ਼ੁਰੂ ਹੋ ਜਾਣਗੇ।ਇਸ ਨਾਲ ਪੀਣ ਵਾਲੇ ਪਾਣੀ ਦੀ ਘਾਟ ਅਤੇ ਸੀਵਰੇਜ਼ ਵਾਲੇ ਖੇਤਰਾਂ ਦੇ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਹੋਵੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਰੰਗਲਾ ਪੰਜਾਬ-3 ਅਧੀਨ 1 ਕਰੋੜ ਦੀ ਲਾਗਤ ਨਾਲ ਕੇਂਦਰੀ ਵਿਧਾਨ ਸਭਾ ਹਲਕੇ ਦੇ ਅੰਦਰ ਤਿੰਨ ਪੰਚਾਇਤਾਂ ਵਿੱਚ ਵਿਕਾਸ ਕਾਰਜ਼ ਸ਼ੁਰੂ ਕੀਤੇ ਜਾ ਰਹੇ ਹਨ।ਇਸ ਮੌਕੇ ਸੁਪਰਡੈਂਟ ਇੰਜੀਨੀਅਰ ਹਰਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਮਨਜੀਤ ਸਿੰਘ, ਐਸ.ਡੀ.ਓ ਗੁਰਪ੍ਰੀਤ ਸਿੰਘ, ਐਸ.ਡੀ.ਓ ਅਸ਼ੋਕ ਕੁਮਾਰ ਅਤੇ ਹੋਰ ਅਧਿਕਾਰੀ ਮੌਜ਼ੂਦ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media