ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ.ਡੀ.ਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ
ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਰਾਮਤੀਰਥ ਰੋਡ ਉਪਰ ਪੈਂਦੇ ਪਿੰਡ ਵਡਾਲਾ ਭਿੱਟੇਵੱਡ ਵਿਖੇ ਅਣ-ਅਧਿਕਾਰਤ ਕਲੋਨੀ (ਏਕਮ ਗਾਰਡਨ ਦੇ ਸਾਹਮਣੇ) ਪਿੰਡ ਧੌਲਕਲਾਂ ਵਿਖੇ ਬਣ ਰਹੀ ਅਣ-ਅਧਿਕਾਰਤ ਕਲੋਨੀ ਅਤੇ ਪਿੰਡ ਕਾਲਾ ਘਨੁੰਪੁਰ ਵਿਖੇ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।
ਜਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਵਡਾਲਾ ਭਿੱਟੇਵੱਡ, ਪਿੰਡ ਧੌਲਕਲਾਂ ਅਤੇ ਪਿੰਡ ਕਾਲਾ ਘਨੁੰਪੁਰ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਸਹਾਇਕ ਨਗਰ ਯੋਜਨਕਾਰ (ਰ) ਦੀ ਮੌਜ਼ੂਦਗੀ ਵਿੱਚ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ ਮਿਤੀ 11/09/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜ਼ੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜ਼ਾਏ ਮੌਕੇ ‘ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਉਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।ਪਰ ਉਕਤ ਕਲੋਨੀਆਂ ਦੇ ਮਾਲਕਾਂ ਵਲੋਂ ਹੁਣ ਮੌਕੇ ‘ਤੇ ਦੁਬਾਰਾ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜ਼ਾਂ ਨੂੰ ਮੁੜ ਢਾਹਿਆ ਗਿਆ।
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ, ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ।
ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣ-ਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media