Monday, November 23, 2026

ਪਰਾਲੀ ਸਾੜਨ ਦੀ ਰੋਕਥਾਮ ਲਈ ਭਾਰਤ ਸਰਕਾਰ ਦੀ ਉੱਚ ਪੱਧਰੀ ਟੀਮ ਵੱਲੋਂ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਭਾਰਤ ਸਰਕਾਰ ਦੀ ਉੱਚ ਪੱਧਰੀ ਟੀਮ ਵੱਲੋਂ ਅੱਜ ਜਿਲ੍ਹਾ ਅੰਮ੍ਰਿਤਸਰ ਦੇ ਪਰਾਲੀ ਸਾੜਨ ਦੀਆਂ ਵਧੇਰੇ ਘਟਨਾਵਾਂ ਵਾਲੇ ਹੌਟਸਪੌਟ ਪਿੰਡਾਂ ਦਾ ਦੌਰਾ ਕੀਤਾ ਗਿਆ।ਟੀਮ ਦੀ ਅਗਵਾਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਭਾਰਤ ਸਰਕਾਰ ਦੇ ਮਸ਼ੀਨੀਕਰਨ ਅਤੇ ਤਕਨਾਲੋਜੀ ਡਵੀਜ਼ਨ ਦੀ ਸੰਯੁਕਤ ਸਕੱਤਰ ਸ੍ਰੀਮਤੀ ਐਸ. ਰੁਕਮਨੀ ਨੇ ਕੀਤੀ।ਇਸ ਦੌਰੇ ਦਾ ਮੁੱਖ ਉਦੇਸ਼ ਝੋਨੇ ਦੀ ਵਾਢੀ ਦੇ ਮੌਜ਼ੂਦਾ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣਾ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਅਪਣਾਈਆਂ ਜਾ ਰਹੀਆਂ ਤਕਨੀਕਾਂ ਦੀ ਸਮੀਖਿਆ ਕਰਨਾ ਸੀ।
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੌਰਾਨ ਸ੍ਰੀਮਤੀ ਐਸ. ਰੁਕਮਨੀ ਨੇ ਰਾਜ ਅਤੇ ਜਿਲ੍ਹਾ ਪੱਧਰ ’ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ।ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ, ਖੇਤੀਬਾੜੀ ਮਸ਼ੀਨਰੀ ਦੀ ਉਪਲੱਬਧਤਾ ਅਤੇ ਵਰਤੋਂ ਅਤੇ ਪਰਾਲੀ ਪ੍ਰਬੰਧਨ ਸਬੰਧੀ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਨਾਲ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ।ਇਸ ਨਾਲ ਮਿੱਟੀ ਵਿੱਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਾਉਣ ਅਤੇ ਲਾਹੇਵੰਦ ਜੀਵਾਂ ਦੀ ਸੰਭਾਲ ਵਿੱਚ ਵੀ ਮਦਦ ਮਿਲਦੀ ਹੈ।
ਮੀਟਿੰਗ ਉਪਰੰਤ ਸੰਯੁਕਤ ਸਕੱਤਰ ਸ੍ਰੀਮਤੀ ਐਸ. ਰੁਕਮਨੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਬਲਾਕ ਤਰਸਿੱਕਾ ਅਤੇ ਅਟਾਰੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।ਟੀਮ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਪਰਾਲੀ ਪ੍ਰਬੰਧਨ ਤਕਨੀਕਾਂ ਸਬੰਧੀ ਪ੍ਰਦਰਸ਼ਨੀ ਪਲਾਟਾਂ ਦਾ ਦੌਰਾ ਵੀ ਕਰਵਾਇਆ ਗਿਆ।ਇਸ ਤੋਂ ਇਲਾਵਾ ਪਰਾਲੀ ਦੀਆਂ ਗੱਠਾਂ ਦੇ ਭੰਡਾਰਨ ਲਈ ਬਣਾਏ ਗਏ ਸਥਾਨਾਂ ਦਾ ਨਿਰੀਖਣ ਕਰਕੇ ਪਰਾਲੀ ਦੇ ਖੇਤਾਂ ਤੋਂ ਬਾਹਰ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਖੇਤੀਬਾੜੀ ਸਹਾਇਕ ਨਵੀਂ ਦਿੱਲੀ ਤੋਂ ਸਹਾਇਕ ਅਰਵਿੰਦ ਮੇਸ਼ਰਾਮ ਇੰਜਨੀਅਰ ਐਸ.ਜੀ ਪਵਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਅਮਰਜੀਤ ਸਿੰਘ ਦੋਸਾਂਝ, ਡਾ. ਰਮਨ ਕੁਮਾਰ, ਸਮੂਹ ਬਲਾਕ ਖੇਤੀਬਾੜੀ ਅਫ਼ਸਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜ਼ੂਦ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …